ਮਹਿਲਾਵਾਂ ਲਈ 'ਆਪ ਸਰਕਾਰ' ਦਾ ਇਤਿਹਾਸਕ ਫ਼ੈਸਲਾ : ਮਾਨ
ਪੰਜਾਬ ਦੀਆਂ ਮਹਿਲਾਵਾਂ ਲਈ 'ਆਪ ਸਰਕਾਰ' ਦਾ ਇਤਿਹਾਸਕ ਫੈਸਲਾ: ਮਾਨ
Publish Date: Sun, 08 Mar 2026 05:54 PM (IST)
Updated Date: Mon, 09 Mar 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਇਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ ਸਰਕਾਰ’ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੂਰਾ ਕਰ ਦਿੱਤਾ ਹੈ। ‘ਆਪ’ ਦੀ ਸਰਕਾਰ ਵੱਲੋਂ ਸਮਾਜਿਕ ਨਿਆਂ ਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਚੇਅਰਮੈਨ ਮਾਨ ਨੇ ਕਿਹਾ ਕਿ "ਆਪ ਸਰਕਾਰ" ਹਮੇਸ਼ਾ ਹੀ ਮਹਿਲਾਵਾਂ ਦੇ ਸਸ਼ਕਤੀਕਰਨ ਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ’ਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ। ਮਾਨ ਸਰਕਾਰ ਵੱਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਹਰ ਵਰਗ ਦੀ ਬੇਹਤਰੀ ਲਈ ਆਪ ਸਰਕਾਰ ਯਤਨ ਕਰ ਰਹੀ ਹੈ, ਜਿਸ ਕਰਕੇ ਸੂਬੇ ਦਾ ਹਰ ਵਰਗ ਸਰਕਾਰ ਦੀ ਕਾਰਗੁਜਾਰੀ ਤੋਂ ਬੇਹੱਦ ਖੁਸ ਹੈ।