ਟੀਬੀ ਦੇ ਲੱਛਣ ਤੇ ਇਲਾਜ ਦੇ ਸਮਝਾਏ ਨੁਕਤੇ
ਟੀਬੀ ਦੇ ਲੱਛਣ ਅਤੇ ਇਲਾਜ ਬਾਰੇ ਦਿੱਤੀ ਜਾਣਕਾਰੀ
Publish Date: Mon, 09 Mar 2026 05:00 PM (IST)
Updated Date: Tue, 10 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਟੀਬੀ ਅਫਸਰ ਡਾ. ਰੋਜੀ ਅਗਰਵਾਲ ਦੀ ਅਗਵਾਈ ਹੇਠ ਬੇਅੰਤ ਨਗਰ ਧੋਬੀਆਣਾ ਬਸਤੀ ਦੇ ਸਲੱਮ ਏਰੀਏ ਵਿਚ ਟੀਬੀ. (ਤਪਦਿਕ) ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਟੀਬੀ ਬਿਮਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਟੀਬੀ ਇਕ ਸੰਕਰਾਮਕ ਬਿਮਾਰੀ ਹੈ ਜੋ ਮੁੱਖ ਤੌਰ ’ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ ਤੇ ਇਹ ਖੰਘ ਜਾਂ ਛਿੱਕ ਦੇ ਰਾਹੀਂ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦੀ ਹੈ। ਜੇ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ ਰਹਿੰਦੀ ਹੈ, ਬੁਖਾਰ ਰਹਿੰਦਾ ਹੈ, ਵਜ਼ਨ ਘਟਦਾ ਹੈ, ਛਾਤੀ ਵਿਚ ਦਰਦ ਹੁੰਦਾ ਹੈ ਜਾਂ ਰਾਤ ਨੂੰ ਬਹੁਤ ਪਸੀਨਾ ਆਉਂਦਾ ਹੈ ਤਾਂ ਇਹ ਟੀਬੀ ਦੇ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਟੀਬੀ ਯੂਨਿਟ ਵਿਚ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਬੀਈਈ ਹਰਜਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਟੀਬੀ ਦੀ ਜਾਂਚ ਅਤੇ ਇਲਾਜ ਮੁਫ਼ਤ ਉਪਲਬਧ ਕਰਵਾਇਆ ਜਾਂਦਾ ਹੈ। ਮਰੀਜ਼ਾਂ ਨੂੰ ਪੂਰਾ ਇਲਾਜ ਲੈਣਾ ਬਹੁਤ ਜ਼ਰੂਰੀ ਹੈ ਤੇ ਦਵਾਈਆਂ ਵਿਚਕਾਰ ਛੱਡਣ ਨਾਲ ਬਿਮਾਰੀ ਹੋਰ ਗੰਭੀਰ ਹੋ ਸਕਦੀ ਹੈ।