ਗੁਰਮਤਿ ਸਮਾਗਮ ਦੌਰਾਨ 153 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ
Publish Date: Mon, 09 Mar 2026 05:38 PM (IST)
Updated Date: Tue, 10 Mar 2026 04:06 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਗੁਰਮੇਲ ਸਿੰਘ ਮਾਖਾ ਪ੍ਰਚਾਰਕ ਅਤੇ ਭਾਈ ਦਵਿੰਦਰ ਸਿੰਘ ਭੌਰਾ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਆਈਆਂ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਗਿਆ, ਜਿਸ ਦੌਰਾਨ 153 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਵਧਾਈ ਦਿੱਤੀ। ਇਸ ਸਮੇਂ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਅਤੇ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਵੀ ਹਾਜ਼ਰ ਸਨ।