ਬਾਬਾ ਮੋਨੀ ਜੀ ਕਾਲਜ ’ਚ ਕਰਵਾਇਆ ਜਾਗਰੂਕਤਾ ਸਮਾਗਮ
ਬਾਬਾ ਮੋਨੀ ਜੀ ਕਾਲਜ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ
Publish Date: Mon, 09 Mar 2026 06:24 PM (IST)
Updated Date: Tue, 10 Mar 2026 04:07 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਬਾਬਾ ਮੋਨੀ ਜੀ ਗਰੁੱਪ ਆਫ ਕਾਲਜਜ਼, ਲਹਿਰਾ ਮੁਹੱਬਤ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਸਿੱਧੂ ਵੱਲੋਂ ਵਿਦਿਆਰਥਣਾਂ ਨੂੰ ਔਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਕਾਨੂੰਨ ਵੱਲੋਂ ਸਮਾਨ ਅਧਿਕਾਰ ਦਿੱਤੇ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਘਰੇਲੂ ਹਿੰਸਾ, ਛੇੜਛਾੜ ਦੀ ਸਥਿਤੀ ਵਿਚ ਉਹ ਕਾਨੂੰਨੀ ਸਹਾਇਤਾ ਲੈ ਸਕਦੀਆਂ ਹਨ। ਉਨ੍ਹਾਂ ਨੇ ਮਹਿਲਾਵਾਂ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਟੋਲ ਫ੍ਰੀ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਬਾਰੇ ਸਚੇਤ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਬਠਿੰਡਾ ਦੇ ਇੰਚਾਰਜ ਹਾਕਮ ਸਿੰਘ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਸੜਕ ਹਾਦਸਿਆਂ ਤੋਂ ਬਚਾਅ ਲਈ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ, ਸਕਿੱਟ ਪੇਸ਼ਕਾਰੀ ਅਤੇ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਔਰਤਾਂ ਦੇ ਹੱਕਾਂ, ਸੁਰੱਖਿਆ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਅਤੇ ਫਰਜ਼ਾਂ ਬਾਰੇ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਸਮਾਜ ਵਿੱਚ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਸਾਰੇ ਮਹਿਮਾਨਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।