ਮਹਿਲਾਵਾਂ ਦੀ ਤਰੱਕੀ ਲਈ ਸਰਕਾਰ ਵਚਨਬੱਧ : ਵਿਧਾਇਕ ਸਿੱਧੂ
ਮਹਿਲਾਵਾਂ ਦੀ ਤਰੱਕੀ ਲਈ ਮਾਨ ਸਰਕਾਰ ਵਚਨਬੱਧ: ਵਿਧਾਇਕ ਬਲਕਾਰ ਸਿੱਧੂ
Publish Date: Tue, 10 Mar 2026 05:33 PM (IST)
Updated Date: Wed, 11 Mar 2026 04:06 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਲਿਆ ਗਿਆ ਫੈਸਲਾ ਵੱਡੀ ਸੌਗਾਤ ਸਾਬਤ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਮਹੱਤਵਪੂਰਨ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਮਹਿਲਾਵਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਦਲਿਤ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਨਰਲ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਇਹ ਫੈਸਲਾ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੇ ਨਾਲ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ‘ਮਾਨ ਸਰਕਾਰ’ ਵੱਲੋਂ ਪਿਛਲੇ ਸਮੇਂ ਦੌਰਾਨ ਲੋਕ-ਹਿੱਤ ਵਿਚ ਕਈ ਫੈਸਲੇ ਲਏ ਗਏ ਹਨ। ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ। ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵੀ ਕਈ ਲੋਕ-ਹਿਤੈਸ਼ੀ ਸਕੀਮਾਂ ਲਾਗੂ ਕੀਤੀਆਂ ਹਨ। ਬਲਕਾਰ ਸਿੱਧੂ ਨੇ ਕਿਹਾ ਕਿ ‘ਮਾਨ ਸਰਕਾਰ’ ਪੰਜਾਬ ਦੇ ਸਮੁੱਚੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਫੈਸਲੇ ਲਏ ਜਾਂਦੇ ਰਹਿਣਗੇ।