ਟੀਐੱਸਯੂ ਦੀ ਰੈਲੀ ਦੌਰਾਨ ਬਿਜਲੀ ਸੋਧ ਬਿੱਲ ਦਾ ਵਿਰੋਧ
ਤਲਵੰਡੀ ਸਾਬੋ ‘ਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਰੈਲੀ, ਬਿਜਲੀ ਸੋਧ ਬਿੱਲ ਦਾ ਵਿਰੋਧ
Publish Date: Wed, 11 Mar 2026 07:48 PM (IST)
Updated Date: Thu, 12 Mar 2026 04:09 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ ’ਚ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰਿਸਿਟੀ ਇੰਪਲਾਇਜ਼ ਐਂਡ ਇੰਜੀਨੀਅਰਜ਼ ਦੇ ਸੱਦੇ ‘ਤੇ ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਬਿਜਲੀ ਬੋਰਡ ਦੀ ਅਗੇਤੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸਕੱਤਰ ਸੰਜੀਵ ਸ਼ਰਮਾ ਨੇ ਕਿਹਾ ਕਿ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨਾਲ ਬਿਜਲੀ ਖੇਤਰ ਦੇ ਨਿੱਜੀਕਰਨ ਨੂੰ ਬੜ੍ਹਾਵਾ ਮਿਲੇਗਾ, ਜਿਸ ਨਾਲ ਸਰਕਾਰੀ ਬਿਜਲੀ ਬੋਰਡਾਂ ਤੇ ਮੁਲਾਜ਼ਮਾਂ ਦੇ ਹਿੱਤਾਂ ‘ਤੇ ਅਸਰ ਪੈ ਸਕਦਾ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਆਮ ਬਿਜਲੀ ਖਪਤਕਾਰਾਂ ਲਈ ਵੀ ਬਿਜਲੀ ਮਹਿੰਗੀ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਬਿਜਲੀ ਮੁਲਾਜ਼ਮ ਇਸਦਾ ਡਟ ਕੇ ਵਿਰੋਧ ਕਰਨਗੇ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਮੀਤ ਸਕੱਤਰ ਰਾਜਦੀਪ ਸਿੰਘ ਤੇ ਕੈਸ਼ੀਅਰ ਰਮਨਦੀਪ ਸ਼ਰਮਾ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕੇਂਦਰ ਸਰਕਾਰ ਨੂੰ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ। ਰੈਲੀ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਦੇ ਨਾਲ-ਨਾਲ ਸੀਐਚਬੀ ਕਰਮਚਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ।