ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਇਸਤਰੀ ਵਿੰਗ ਸ੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Publish Date: Thu, 12 Mar 2026 04:16 PM (IST)
Updated Date: Thu, 12 Mar 2026 04:18 PM (IST)

- ਔਰਤਾਂ ਖ਼ਿਲਾਫ਼ ਭੱਦੀਆਂ ਟਿੱਪਣੀਆਂ ਬਰਦਾਸ਼ਤ ਯੋਗ ਨਹੀਂ : ਹਰਗੋਬਿੰਦ ਕੌਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਨੇ ਇਕੱਠੀਆਂ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦਾ ਪੁਤਲਾ ਸਾੜਿਆ। ਇਸ ਮੌਕੇ ਔਰਤਾਂ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਔਰਤਾਂ ਖ਼ਿਲਾਫ਼ ਕੀਤੀਆਂ ਜਾਣ ਵਾਲੀਆਂ ਭੱਦੀਆਂ ਟਿੱਪਣੀਆਂ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਔਰਤ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਇਕ ਲੜਕੀਆਂ ਦੇ ਕਾਲਜ ਵਿਚ ਕੀਤੀਆਂ ਟਿੱਪਣੀਆਂ ਨਾਲ ਅਹੁਦੇ ਦੀ ਗਰਿਮਾ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਦਿਆਰਥਣਾਂ ਨੂੰ ਸਿੱਖਿਆ, ਰੁਜ਼ਗਾਰ ਜਾਂ ਔਰਤਾਂ ਦੀ ਸੁਰੱਖਿਆ ਨਾਲ ਸਬੰਧਿਤ ਮਸਲਿਆਂ ’ਤੇ ਜਾਣਕਾਰੀ ਦੇਣ ਦੀ ਬਜਾਏ ਗਲਤ ਸ਼ਬਦਾਵਲੀ ਵਰਤੀ ਗਈ, ਜੋ ਸਰਾਸਰ ਗਲਤ ਹੈ। ਇਸਤਰੀ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ’ਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਤੋਂ ਅਸਤੀਫਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਵੂਮੈਨ ਕਮਿਸ਼ਨ ਅਤੇ ਮਾਣਯੋਗ ਹਾਈਕੋਰਟ ਨੂੰ ਵੀ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਇਸ ਰੋਸ ਧਰਨੇ ’ਚ ਬਲਵਿੰਦਰ ਕੌਰ ਸਾਬਕਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਜੋਗਿੰਦਰ ਕੌਰ ਐੱਸਜੀਪੀਸੀ ਮੈਂਬਰ, ਮਨਦੀਪ ਕੌਰ ਚੇਅਰਪਰਸਨ ਬਲਾਕ ਸੰਮਤੀ, ਜਸਕਰਨ ਕੌਰ ਸੀਨੀਅਰ ਆਗੂ, ਰੁਪਿੰਦਰ ਕੌਰ, ਕਿਰਨਪਾਲ ਕੌਰ, ਅਮਨਦੀਪ ਕੌਰ ਜੀਦਾ, ਮਨਜੀਤ ਕੌਰ, ਸ਼ਰਨ ਕੌਰ ਅਤੇ ਸਤਵਿੰਦਰ ਕੌਰ ਸਮੇਤ ਹੋਰ ਆਗੂ ਵੀ ਮੌਜੂਦ ਸਨ।