ਔਰਤਾਂ ਪ੍ਰਤੀ ਅਪਮਾਨਜਨਕ ਟਿੱਪਣੀ ’ਤੇ ਖਹਿਰਾ ਮਾਫ਼ੀ ਮੰਗਣ : ਵਿਧਾਇਕ ਸਿੱਧੂ
ਮਹਿਲਾਵਾਂ ਪ੍ਰਤੀ ਅਪਮਾਨਜਨਕ ਟਿੱਪਣੀ ’ਤੇ ਖਹਿਰਾ ਮਾਫੀ ਮੰਗਣ : ਵਿਧਾਇਕ ਬਲਕਾਰ ਸਿੱਧੂ
Publish Date: Thu, 12 Mar 2026 04:52 PM (IST)
Updated Date: Thu, 12 Mar 2026 04:54 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਔਰਤਾਂ ਪ੍ਰਤੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਔਰਤਾਂ ਸਮਾਜ ਦਾ ਸਨਮਾਨਯੋਗ ਆਧਾਰ ਹਨ ਅਤੇ ਉਨ੍ਹਾਂ ਬਾਰੇ ਮਾੜੀ ਸ਼ਬਦਾਵਲੀ ਵਰਤਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜਨਤਕ ਮੰਚ ਤੋਂ ਔਰਤ ਪ੍ਰਤੀ ਗਲਤ ਬੋਲਚਾਲ ਕਰਨਾ ਸਮਾਜਿਕ ਸਿਧਾਂਤਾਂ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਔਰਤਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਦੀ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਆਪਣੇ ਹੱਕਾਂ ਅਤੇ ਭਲਾਈ ਲਈ ਮਿਲ ਰਹੀਆਂ ਸਹੂਲਤਾਂ ’ਤੇ ਖੁਸ਼ੀ ਪ੍ਰਗਟਾਉਂਦੀਆਂ ਹਨ ਤਾਂ ਉਸ ਵਿੱਚ ਕੋਈ ਗਲਤ ਗੱਲ ਨਹੀਂ, ਸਗੋਂ ਇਹ ਉਨ੍ਹਾਂ ਦੇ ਉਤਸ਼ਾਹ ਅਤੇ ਭਰੋਸੇ ਦੀ ਨਿਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤਣਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਇਹ ਸਮਾਜ ਵਿਚ ਗਲਤ ਸੰਦੇਸ਼ ਵੀ ਭੇਜਦਾ ਹੈ। ਇਸ ਲਈ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਪਣੀ ਟਿੱਪਣੀ ਲਈ ਤੁਰੰਤ ਜਨਤਕ ਤੌਰ ’ਤੇ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਸਨਮਾਨ, ਸੁਰੱਖਿਆ ਅਤੇ ਇੱਜ਼ਤ ਦੀ ਪੂਰੀ ਹੱਕਦਾਰ ਹਨ ਅਤੇ ਉਨ੍ਹਾਂ ਦੀ ਅਪਮਾਨ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਉਹ ਔਰਤਾਂ ਦੀ ਇੱਜ਼ਤ ਕਰੇ ਅਤੇ ਜਨਤਕ ਜੀਵਨ ਨਾਲ ਜੁੜੇ ਲੋਕਾਂ ਨੂੰ ਆਪਣੀ ਬੋਲੀ ਵਿੱਚ ਸੰਜਮ ਰੱਖਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਲੋਕ-ਭਲਾਈ ਯੋਜਨਾਵਾਂ ਜਾਰੀ ਰਹਿਣਗੀਆਂ।