ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਵਿਰਾਸਤ ਮੇਲਾ ਤੇ ਪੰਜਾਬ ਸਖੀ ਸ਼ਕਤੀ ਮੇਲਾ 20 ਤੋਂ
ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਵਿਰਾਸਤ ਮੇਲਾ ਅਤੇ ਪੰਜਾਬ ਸਖੀ ਸ਼ਕਤੀ ਮੇਲਾ 20 ਤੋਂ 22 ਮਾਰਚ ਤਕ
Publish Date: Thu, 12 Mar 2026 05:42 PM (IST)
Updated Date: Thu, 12 Mar 2026 05:45 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਰਾਸਤ ਮੇਲਾ 2026 ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਰਾਸਤ ਮੇਲਾ 2026 ਦੌਰਾਨ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਪਿੰਡ ਜੈਪਾਲਗੜ੍ਹ ਵਿਖੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੀਆਂ ਝਲਕੀਆਂ, ਰਿਵਾਇਤੀ ਖਾਣਾ, ਖੇਡਾਂ, ਪਹਿਰਾਵੇ, ਝੂਲੇ, ਗੀਤ ਅਤੇ ਸੰਗੀਤ ਨਾਲ ਤਿੰਨੋਂ ਦਿਨ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਕਲਾਕਾਰ ਬੀਨੂ ਢਿੱਲੋਂ, ਕੰਵਰ ਗਰੇਵਾਲ, ਰਣਜੀਤ ਬਾਵਾ, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਮੇਲੇ ਚ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਨਾਲ ਹੀ ਪੰਜਾਬ ਸਖੀ ਸ਼ਕਤੀ ਮੇਲਾ ਵੀ ਕਰਵਾਇਆ ਜਾਵੇਗਾ। ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਆਰਏਐੱਮਪੀ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ 2026 ਕਰਵਾਇਆ ਜਾਵੇਗਾ। ਇਸ ਮੇਲੇ ਵਿਚ ਜ਼ਿਲ੍ਹਾ ਬਠਿੰਡਾ ਦੀਆਂ ਸਵੈ-ਸੇਵੀ ਸੰਸਥਾਵਾਂ ਵੱਲੋਂ ਬਣਾਏ ਜਾਂਦੇ ਉਤਪਾਦ ਵੇਚੇ ਜਾਣਗੇ। ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ’ਚ ਆਉਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ’ਚ ਐਂਟਰੀ ਮੁਫ਼ਤ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੰਚਨ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ, ਮੁੱਖ ਮੰਤਰੀ ਫ਼ੀਲਡ ਅਫਸਰ ਰਮਨਜੀਤ, ਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਤੋਂ ਇਲਾਵਾ ਡੀਐੱਸਪੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।