ਮਾਂ-ਧੀ ਸਤਿਕਾਰ ਯੋਜਨਾ ਨਾਲ ਔਰਤਾਂ ਨੂੰ ਆਰਥਿਕ ਸਹਾਰਾ ਮਿਲੇਗਾ : ਪੁਰੀ
ਮਾਂ-ਧੀ ਸਤਿਕਾਰ ਯੋਜਨਾ ਨਾਲ ਔਰਤਾਂ ਨੂੰ ਆਰਥਿਕ ਸਹਾਰਾ ਮਿਲੇਗਾ: ਰਾਕੇਸ਼ ਪੁਰੀ
Publish Date: Thu, 12 Mar 2026 06:24 PM (IST)
Updated Date: Thu, 12 Mar 2026 06:27 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ‘ਮਾਂ-ਧੀ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਨੂੰ ਔਰਤਾਂ ਲਈ ਵੱਡਾ ਤੋਹਫਾ ਕਰਾਰ ਦਿੰਦਿਆਂ ਪੰਜਾਬ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਪੁਰੀ ਨੇ ਕਿਹਾ ਕਿ ਇਹ ਸਕੀਮ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਐੱਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਘਰੇਲੂ ਖਰਚੇ ਚਲਾਉਣ ਵਿੱਚ ਮਦਦ ਦੇਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਖੁਦਮੁਖਤਿਆਰ ਬਣਾਉਣਾ ਹੈ। ਚੇਅਰਮੈਨ ਨੇ ਕਿਹਾ ਕਿ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਘਰ ਦੀ ਆਰਥਿਕਤਾ ਤੋਂ ਲੈ ਕੇ ਬੱਚਿਆਂ ਦੇ ਪਾਲਣ ਪੋਸ਼ਣ ਤਕ ਔਰਤਾਂ ਹਰ ਖੇਤਰ ਵਿੱਚ ਆਪਣਾ ਵੱਡਾ ਯੋਗਦਾਨ ਪਾਉਂਦੀਆਂ ਹਨ। ਇਸ ਲਈ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਅਜਿਹੀਆਂ ਯੋਜਨਾਵਾਂ ਲਿਆਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ‘ਮਾਂ-ਧੀ ਸਤਿਕਾਰਯੋਗ ਯੋਜਨਾ’ ਨਾਲ ਖਾਸ ਕਰ ਕੇ ਗ਼ਰੀਬ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਈ ਅਜਿਹੀਆਂ ਔਰਤਾਂ ਹਨ, ਜੋ ਘਰੇਲੂ ਹਾਲਾਤਾਂ ਕਰ ਕੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਦੀਆਂ ਹਨ। ਇਸ ਸਕੀਮ ਨਾਲ ਉਨ੍ਹਾਂ ਨੂੰ ਹਰ ਮਹੀਨੇ ਮਿਲਣ ਵਾਲੀ ਰਕਮ ਨਾਲ ਘਰ ਦੇ ਛੋਟੇ-ਮੋਟੇ ਖਰਚੇ ਪੂਰੇ ਕਰਨ ਵਿੱਚ ਸਹੂਲਤ ਮਿਲੇਗੀ। ਇਸ ਨਾਲ ਨਾ ਸਿਰਫ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਸਗੋਂ ਉਨ੍ਹਾਂ ਦਾ ਆਤਮਵਿਸ਼ਵਾਸ ਵੀ ਵਧੇਗਾ। ਪੁਰੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀਆਂ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਦੀ ਭਲਾਈ ਲਈ ਬਣਾਈਆਂ ਗਈਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।