ਆਂਗਨਵਾੜੀ ਸੈਂਟਰਾਂ ਦੇ ਬੱਚਿਆਂ ਨੇ ਖੇਡਾਂ ’ਚ ਲਿਆ ਹਿੱਸਾ
ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੇ ਖੇਡਾਂ 'ਚ ਭਾਗ ਲਿਆ
Publish Date: Thu, 12 Mar 2026 06:29 PM (IST)
Updated Date: Thu, 12 Mar 2026 06:30 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਆਂਗਨਵਾੜੀ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਸਰਗਰਮੀਆਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਨਾਲ ਉਨ੍ਹਾਂ ਦੀ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਸਿਖਣ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਰਵਿਸਿਜ਼ (ਆਈਸੀਡੀਐੱਸ) ਤਹਿਤ ਜ਼ਿਲ੍ਹਾ ਬਠਿੰਡਾ ਵਿਚ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਲਈ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਆਂਗਨਵਾੜੀ ਕੇਂਦਰਾਂ ਦੇ ਬੱਚੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੌਰਾਨ ਦੌੜ, ਗੇਂਦ ਸੁੱਟ, ਰਿੰਗ ਗੇਮ ਸਮੇਤ ਕਈ ਮਨੋਰੰਜਕ ਅਤੇ ਰੌਚਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸਰਗਰਮੀਆਂ ਰਾਹੀਂ ਬੱਚਿਆਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨਸ਼ੈਲੀ ਦੇ ਮੁੱਲਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।