ਕਿਸਾਨਾਂ ਨੂੰ ਸਰ੍ਹੋਂ ਦੀ ਖੇਤੀ ਬਾਰੇ ਦਿੱਤੀ ਜਾਣਕਾਰੀ
ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ ਤਹਿਤ ਕਿਸਾਨਾਂ ਨੂੰ ਦਿੱਤੀ ਸਰੋਂ ਦੀ ਖੇਤੀ ਬਾਰੇ ਜਾਣਕਾਰੀ
Publish Date: Thu, 12 Mar 2026 06:37 PM (IST)
Updated Date: Thu, 12 Mar 2026 06:39 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ ਸਕੀਮ ਤਹਿਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਤਿਉਣਾ ਵਿਖੇ ਸਰ੍ਹੋਂ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਦਾ ਲਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਕੀਤੀ, ਜਦਕਿ ਡਾ. ਦਵਿੰਦਰ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਪਿੰਡ ਅਤੇ ਆਸ-ਪਾਸ ਦੇ ਕਿਸਾਨਾਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਖੇਤੀਬਾੜੀ ਮਾਹਿਰਾਂ ਨਾਲ ਆਪਣੇ ਤਜ਼ਰਬੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਡਾ. ਹਰਜਸਪਾਲ ਸ਼ਰਮਾ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਕਿਸਾਨਾਂ ਨੂੰ ਕਣਕ ਦੇ ਘਰੇਲੂ ਬੀਜ ਤਿਆਰ ਕਰਨ ਦੇ ਤਰੀਕਿਆਂ ਅਤੇ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘਰੇਲੂ ਬੀਜ ਤਿਆਰ ਕਰ ਕੇ ਕਿਸਾਨ ਆਪਣਾ ਖਰਚਾ ਘਟਾ ਸਕਦੇ ਹਨ ਅਤੇ ਉੱਚ ਗੁਣਵੱਤਾ ਵਾਲਾ ਬੀਜ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਡਾ. ਸੁਖਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਮੇਂ-ਸਿਰ ਖੇਤੀ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਆਉਣ ਵਾਲੀ ਨਰਮੇ ਦੀ ਫ਼ਸਲ ਸਬੰਧੀ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਅਗਾਊਂ ਰੋਕਥਾਮ ਲਈ ਛਟੀਆਂ ਦੇ ਸੁਚੱਜੇ ਪ੍ਰਬੰਧਨ ਬਾਰੇ ਮਹੱਤਵਪੂਰਨ ਸੁਝਾਅ ਦਿੱਤੇ। ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਰ੍ਹੋਂ ਦੀ ਫ਼ਸਲ ਦੇ ਸੁਚੱਜੇ ਮੰਡੀਕਰਨ ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ ਆਪਣੀ ਉਤਪਾਦਨ ਨੂੰ ਵਧੀਆ ਕੀਮਤ ’ਤੇ ਵੇਚ ਸਕਣ। ਇਸਦੇ ਨਾਲ ਹੀ ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫਾਰਮਰ ਰਜਿਸਟ੍ਰੇਸ਼ਨ ਅਤੇ ਐਗਰੀ ਸਟੈਕ ਨਾਲ ਜੁੜਨ ਦੀ ਪ੍ਰਕਿਰਿਆ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਡਾ. ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ ਖੇਤੀਬਾੜੀ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਨਵੀਆਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ।