ਮੋਗਾ ਦੀ ਰੈਲੀ ਸੂਬੇ ਦੀ ਸਿਆਸਤ ’ਚ ਲਿਆਏਗੀ ਨਵਾਂ ਮੋੜ : ਬਾਲਿਆਂਵਾਲੀ
ਮੋਗਾ ਦੀ ਬਦਲਾਅ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਲਿਆਏਗੀ ਨਵਾਂ ਮੋੜ: ਅਸ਼ੋਕ ਬਾਲਿਆਂਵਾਲੀ
Publish Date: Fri, 13 Mar 2026 06:22 PM (IST)
Updated Date: Sat, 14 Mar 2026 04:10 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ 14 ਮਾਰਚ ਨੂੰ ਮੋਗਾ ਵਿਚ ਹੋਣ ਜਾ ਰਹੀ ਭਾਜਪਾ ਦੀ ਵਿਸ਼ਾਲ ਬਦਲਾਅ ਰੈਲੀ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਇਤਿਹਾਸਕ ਮੋੜ ਸਾਬਤ ਹੋਵੇਗੀ ਅਤੇ ਸੂਬੇ ਵਿਚ ਬਦਲਾਅ ਦੀ ਨਵੀਂ ਸ਼ੁਰੂਆਤ ਦਾ ਸੰਦੇਸ਼ ਦੇਵੇਗੀ। ਇਸ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ, ਜਿਸ ਕਾਰਨ ਕਾਰਕੁਨਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਦੇ ਲੋਕ ਮਹਿੰਗਾਈ, ਬੇਰੋਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਦਯੋਗ- ਧੰਦੇ ਬੰਦ ਹੋ ਰਹੇ ਹਨ, ਨੌਜਵਾਨ ਰੁਜ਼ਗਾਰ ਲਈ ਦਰ-ਦਰ ਭਟਕ ਰਹੇ ਹਨ ਅਤੇ ਕਿਸਾਨ ਵੀ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਪੰਜਾਬ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਹਮੇਸ਼ਾ ਦੇਸ਼ ਅਤੇ ਸਮਾਜ ਦੇ ਹਿੱਤ ਵਿਚ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਪੰਜਾਬ ਨੂੰ ਵੀ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਦੀ ਲੋੜ ਹੈ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਮੋਗਾ ਦੀ ਇਹ ਬਦਲਾਅ ਰੈਲੀ ਸਿਰਫ਼ ਇਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਚਮਕਦੇ ਭਵਿੱਖ ਦੀ ਨੀਂਹ ਰੱਖਣ ਵਾਲਾ ਇਤਿਹਾਸਕ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਾਰ ਅਤੇ ਮਾਰਗਦਰਸ਼ਨ ਨਾਲ ਕਾਰਕੁਨਾਂ ਵਿਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਬਠਿੰਡਾ ਜ਼ਿਲ੍ਹੇ ਦੇ ਭਾਜਪਾ ਕਾਰਕੁਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਮਾਰਚ ਨੂੰ ਵੱਡੀ ਗਿਣਤੀ ਵਿਚ ਮੋਗਾ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਬਣਾਉਣ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਰੈਲੀ ਵਿੱਚ ਉਮੜਣ ਵਾਲੀ ਭੀੜ ਪੰਜਾਬ ਵਿੱਚ ਬਦਲਾਅ ਦੀ ਮਜ਼ਬੂਤ ਆਵਾਜ਼ ਬਣੇਗੀ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪਰਿਵਰਤਨ ਲਈ ਤਿਆਰ ਹੈ ਅਤੇ ਭਾਜਪਾ ਦੀ ਅਗਵਾਈ ਹੇਠ ਹੀ ਸੂਬੇ ਵਿਚ ਖੁਸ਼ਹਾਲੀ, ਵਿਕਾਸ ਅਤੇ ਸੁਸ਼ਾਸਨ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ।