ਅਧਿਆਪਕਾਂ 'ਤੇ ਲਾਠੀਚਾਰਜ ਦੇ ਵਿਰੋਧ ’ਚ 17 ਨੂੰ ਸੰਘਰਸ਼ ਦੀ ਚਿਤਾਵਨੀ
ਅਧਿਆਪਕਾਂ 'ਤੇ ਲਾਠੀਚਾਰਜ ਤੇ ਹੰਝੂ ਗੈਸ ਦੇ ਗੋਲੇ ਦਾਗਣ ਦੀ ਸਖਤ ਨਿਖੇਧੀ
Publish Date: Sat, 14 Mar 2026 05:09 PM (IST)
Updated Date: Sun, 15 Mar 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਵਿਸ ਵਿੱਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਵਿੱਚ ਠੋਸੇ ਜਬਰੀ ਟੈਟ ਦੇ ਖਿਲਾਫ ਪੰਜਾਬ ਦੇ ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਵੱਲੋਂ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਤਸ਼ੱਦਦ, ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੋਲੇ ਦਾਗਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਯੂਨੀਅਨ, 6635 ਅਧਿਆਪਕ ਯੂਨੀਅਨ,ਕਿਰਤੀ ਕਿਸਾਨ ਯੂਨੀਅਨ, ਵੱਲੋਂ ਜਗਪਾਲ ਬੰਗੀ,ਕੁਲਦੀਪ ਸਿੰਘ ਖੋਖਰ, ਹਰਦੀਪ ਸਿੰਘ, ਸਵਰਨਜੀਤ ਪੂਹਲੀ, ਅੰਮ੍ਰਿਤਪਾਲ ਸਿੰਘ ਮਾਨ, ਸਿਕੰਦਰ ਧਾਲੀਵਾਲ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਸੁਪਰੀਮ ਕੋਰਟ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਸਰਵਿਸ ਵਿੱਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਸਮੇਂ ਜਬਰੀ ਟੈਸਟ ਲੈਣ ਦੇ ਦਿੱਤੇ ਫੈਸਲੇ ਦੇ ਖਿਲਾਫ ਪੰਜਾਬ ਦੇ ਅਧਿਆਪਕ ਪਿਛਲੇ ਦੋ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਹ ਪੰਜਾਬ ਦੇ ਅਧਿਆਪਕਾਂ ਦੀਆਂ ਸਰਵਿਸਾਂ ਨੂੰ ਸੁਰੱਖਿਅਤ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿੱਚ ਸਰਕਾਰ ਰਿਵਿਊ ਪਟੀਸ਼ਨ ਪਾਵੇ। ਇਸ ਮੰਗ ਲਈ ਪੰਜਾਬ ਦੇ ਸਮੂਹ ਅਧਿਆਪਕਾਂ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ ਪਰ ਸਰਕਾਰ ਵੱਲੋਂ ਇਸ ਬਾਰੇ ਕੋਈ ਵੀ ਨਿਰਣਾ ਨਹੀਂ ਲਿਆ ਗਿਆ, ਜਿਸ ਕਰਕੇ ਇਸ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ ਹਜ਼ਾਰਾਂ ਅਧਿਆਪਕ ਵਿਧਾਨ ਸਭਾ ਦੇ ਚਲਦੇ ਸੈਸ਼ਨ ਤਹਿਤ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ ਸਰਕਾਰ ਵੱਲੋਂ ਕੋਈ ਯੋਗ ਹੱਲ ਕੱਢਣ ਦੀ ਬਜਾਏ ਅਧਿਆਪਕਾਂ ਤੇ ਬੇਇੰਤਹਾ ਤਸ਼ੱਦਦ ਲਾਠੀਚਾਰਜ ਅਤੇ ਅੱਥਰੂ ਗੋਲੇ ਦਾਗੇ ਗਏ ਹਨ, ਜਿਸ ਨਾਲ ਬਹੁਤ ਸਾਰੇ ਅਧਿਆਪਕ ਜਖਮੀ ਹੋਏ ਅਤੇ ਸੈਂਕੜਿਆਂ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਜਾਇਜ਼ ਮੰਗ ਦਾ 16 ਮਾਰਚ ਤਕ ਕੋਈ ਯੋਗ ਹੱਲ ਨਾ ਕੱਢਿਆ ਤਾਂ 17 ਮਾਰਚ ਨੂੰ ਬਲਾਕਾਂ ਤੇ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ, ਜਿਸ ਵਿੱਚ ਡੀਟੀਐਫ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਬੇਅੰਤ ਸਿੰਘ ਫੂਲੇਵਾਲਾ, ਲਖਵੀਰ ਨੰਗਲਾ, ਬਲਜੀਤ ਪੂਹਲੀ, ਗੁਰਮੇਲ ਸਿੰਘ ਮਲਕਾਣਾ, ਹਰਜਿੰਦਰ ਸੇਮਾ, ਲਾਲ ਸਿੰਘ ਰੱਲਾ ਨੇ ਵੀ ਇਸ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਤੁਰੰਤ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਗੱਲ ਕਹੀ।