ਲੋਕ ਅਦਾਲਤ ਦੌਰਾਨ 23421 ਕੇਸਾਂ ਦਾ ਕਰਵਾਇਆ ਨਿਤਾਰਾ
ਦੋਹਾਂ ਧਿਰਾਂ ਦੀ ਸਹਿਮਤੀ ਨਾਲ 23421 ਕੇਸਾਂ ਦਾ ਕਰਵਾਇਆ ਨਿਪਟਾਰਾ ,65,52,34,925 ਰੁਪਏ ਦੀ ਰਕਮ ਦੇ ਕੀਤੇ ਗਏ ਅਵਾਰਡ ਪਾਸ
Publish Date: Sat, 14 Mar 2026 06:10 PM (IST)
Updated Date: Sun, 15 Mar 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਕਰੁਨੇਸ਼ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੈਸ਼ਨਜ਼ ਡਵੀਜਨ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਤੇ ਸਬ-ਡਵੀਜ਼ਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 21 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਹਾਦਸਾ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿਚ ਰਾਜ਼ੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 25801 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 23421 ਕੁੱਲ ਕੇਸਾਂ ਦਾ ਨਿਤਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 65,52,34,925/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਤਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਤੇ ਧਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ’ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ, ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸਾਂ ’ਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।