- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ’ਚ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਸੋਸ਼ੋਲੋਜੀ ਵਿਭਾਗ, ਪੋਲੀਟੀਕਲ ਸਾਇੰਸ ਵਿਭਾਗ, ਰੈੱਡ ਰਿਬਨ ਕਲੱਬ ਤੇ ਐੱਨਐੱਸਐੱਸ ਯੂਨਿਟ ਦੇ ਸਾਂਝੇ ਉਪਰਾਲਿਆਂ ਨਾਲ ਕਾਲਜ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੋਗਰਾਮ ਅਫਸਰ ਡਾ. ਸਪਨਜੀਤ ਕੌਰ ਨੇ ਮਹਿਲਾਵਾਂ ਦੀ ਸੁਰੱਖਿਆ ਲਈ ਬਣੇ ਵੱਖ-ਵੱਖ ਕਾਨੂੰਨਾਂ ਅਤੇ ਐਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਜੇਕਰ ਔਰਤ ਆਪਣੇ ਅਧਿਕਾਰਾਂ ਅਤੇ ਕਾਨੂੰਨਾਂ ਬਾਰੇ ਸਚੇਤ ਹੋਵੇ ਤਾਂ ਉਹ ਸਮਾਜ ਵਿੱਚ ਆਤਮ ਵਿਸ਼ਵਾਸ ਨਾਲ ਅੱਗੇ ਵੱਧ ਸਕਦੀ ਹੈ ਅਤੇ ਇਕ ਗਿਆਨਪ੍ਰਦ ਤੇ ਸਸ਼ਕਤ ਜੀਵਨ ਬਤੀਤ ਕਰ ਸਕਦੀ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ. ਸਿਮਰਜੀਤ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਪੁਰਾਤਨ ਸਮੇਂ ਵਿੱਚ ਇਸਤਰੀ ਦੀ ਸਥਿਤੀ ਅਤੇ ਅਜੋਕੇ ਸਮੇਂ ਵਿੱਚ ਉਸਦੇ ਹੱਕਾਂ ਤੇ ਸਥਿਤੀ ਵਿੱਚ ਆਏ ਬਦਲਾਵਾਂ ਦੀ ਤੁਲਨਾ ਕਰਦੇ ਹੋਏ ਵਿਸ਼ਲੇਸ਼ਣ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਇਤਿਹਾਸਕ ਦੌਰ ਵਿੱਚ ਔਰਤਾਂ ਨੂੰ ਕਈ ਸਮਾਜਿਕ ਪਾਬੰਦੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਅਜੋਕੇ ਸਮੇਂ ਸਿੱਖਿਆ ਤੇ ਜਾਗਰੂਕਤਾ ਦੇ ਕਾਰਨ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਸ ਉਪਰੰਤ ਕਾਲਜ ਦੇ ਪ੍ਰੋ ਸ਼ਾਲਿਨੀ ਸਹਿਗਲ ਨੇ ਵਿਦਿਆਰਥੀਆਂ ਨਾਲ ਮਹਿਲਾ ਸਸ਼ਕਤੀਕਰਨ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਔਰਤਾਂ ਨੇ ਸਿੱਖਿਆ, ਰਾਜਨੀਤੀ, ਆਰਥਿਕਤਾ ਅਤੇ ਵਿਗਿਆਨ ਸਮੇਤ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਮਿਹਨਤ ਅਤੇ ਆਤਮ ਵਿਸ਼ਵਾਸ ਨਾਲ ਅੱਗੇ ਵਧਣ।
ਇਸ ਮੌਕੇ ਪੁਲੀਟੀਕਲ ਸਾਇੰਸ ਵਿਭਾਗ ਦੇ ਪ੍ਰੋ੍. ਰਮਨਦੀਪ ਕੌਰ ਨੇ ਔਰਤਾਂ ਦੀ ਸ਼ਕਤੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਦਰਸਾਉਂਦੀ ਇਕ ਪ੍ਰਭਾਵਸ਼ਾਲੀ ਕਵਿਤਾ ਪੇਸ਼ ਕੀਤੀ, ਜਿਸ ਨੂੰ ਵਿਦਿਆਰਥੀਆਂ ਵੱਲੋਂ ਕਾਫ਼ੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪ੍ਰੋਗਰਾਮ ਅਫਸਰ ਡਾ ਅਮਨਪਾਲ ਕੌਰ, ਸੋਸ਼ੋਲੋਜੀ ਵਿਭਾਗ ਦੇ ਪ੍ਰੋ ਸਰਬਜੀਤ ਕੌਰ, ਇਕਨੋਮਿਕਸ ਵਿਭਾਗ ਦੇ ਪ੍ਰੋ. ਸਰਬਜੀਤ ਕੌਰ, ਪ੍ਰੋ. ਗੁਰਮੀਤ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ। ਸਮੂਹ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਸੰਬੰਧੀ ਵਿਚਾਰਾਂ ਤੋਂ ਮਹੱਤਵਪੂਰਨ ਪ੍ਰੇਰਣਾ ਪ੍ਰਾਪਤ ਕੀਤੀ।