ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Sun, 15 Mar 2026 05:38 PM (IST)
Updated Date: Mon, 16 Mar 2026 04:10 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਫਤਾਵਰੀ ਮਹਾਨ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਤਖਤ ਸਾਹਿਬ ਵਿਖੇ ਵਿਸ਼ੇਸ਼ ਢਾਡੀ ਦਰਬਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ। ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇ. ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਗਈ। ਦੱਸ ਦੇਈਏ ਕਿ ਹਰ ਐਤਵਾਰ ਵਾਲੇ ਦਿਨ ਤਖਤ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ।ਇਸ ਦਿਨ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਬਾਬਾ ਧੀਰ ਸਿੰਘ ਜੀ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਂਦਾ ਹੈ। ਅੱਜ 209 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਹੈ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਹਫਤਾਵਾਰੀ ਗੁਰਮਤਿ ਸਮਾਗਮ ‘ਚ ਪੰਥ ਪ੍ਰਸਿੱਧ ਢਾਡੀ ਕਵੀਸ਼ਰ ਹਾਜ਼ਰੀ ਭਰਦੇ ਹਨ। ਅੱਜ ਭਾਈ ਕੁਲਵੰਤ ਸਿੰਘ ਭੈਣੀ ਪ੍ਰਚਾਰਕ, ਭਾਈ ਚਮਕੌਰ ਸਿੰਘ ਸਮੇਤ ਕਈ ਜਥਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਵੱਲੋਂ ਕਥਾ ਵਿਚਾਰਾਂ ਰਾਹੀ ਸੰਗਤ ਨੂੰ ਨਿਹਾਲ ਕੀਤਾ ਗਿਆ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਬੋਲਦਿਆਂ ਜਿੱਥੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਨੌਜਵਾਨੀ ਰਸਤੇ ਤੋਂ ਭਟਕਦੀ ਜਾ ਰਹੀ ਹੈ, ਜਿਸ ਲਈ ਸਾਨੂੰ ਲਾਮਬੰਦ ਹੋਣਾ ਪਵੇਗਾ। ਇਸ ਮੌਕੇ ਉਨ੍ਹਾਂ ਸ਼ਹੀਦ ਬਾਬਾ ਤਾਰਾ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡਾ ਇਤਿਹਾਸ ਬੜਾ ਗੌਰਵਸ਼ਾਲੀ ਹੈ, ਜਿਸ ਨੂੰ ਬੱਚਿਆਂ ਤੱਕ ਪਹੁੰਚਾਉਣ ਲਈ ਸਾਨੂੰ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਮੈਨੇਜਰ ਨਰਿੰਦਰਜੀਤ ਸਿੰਘ, ਭੋਲਾ ਸਿੰਘ ਇੰਚਾਰਜ ਸਬ ਆਫਿਸ ਹਾਜਰ ਸਨ।