ਸੂਬਾ ਸਰਕਾਰ ਨੇ ਹਰ ਵਾਅਦਾ ਕੀਤਾ ਪੂਰਾ : ਵਿਧਾਇਕ ਸਿੱਧੂ
ਆਪ ਸਰਕਾਰ ਨੇ ਹਰ ਵਾਅਦਾ ਕੀਤਾ ਪੂਰਾ :ਵਿਧਾਇਕ ਬਲਕਾਰ ਸਿੱਧੂ
Publish Date: Mon, 16 Mar 2026 05:20 PM (IST)
Updated Date: Tue, 17 Mar 2026 04:07 AM (IST)

-ਕਿਹਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਢਲੇ ਆਧਾਰ ’ਤੇ ਕੀਤਾ ਜਾ ਰਿਹੈ ਹੱਲ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਭਲਾਈ ਅਤੇ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਲਿਜਾਣ ਲਈ ਲਗਾਤਾਰ ਮਹੱਤਵਪੂਰਨ ਫੈਸਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਕਿਸਾਨੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਗਰੀਬ ਅਤੇ ਮੱਧਵਰਗ ਦੇ ਬੱਚਿਆਂ ਨੂੰ ਵੀ ਉੱਚ ਪੱਧਰੀ ਸਿੱਖਿਆ ਮਿਲ ਸਕੇ। ਇਸਦੇ ਨਾਲ ਹੀ ਸਰਕਾਰੀ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇ ਕੇ ਘਰਾਂ ਦੇ ਖਰਚੇ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ, ਜਦਕਿ ਭ੍ਰਿਸ਼ਟਾਚਾਰ ਖ਼ਿਲਾਫ਼ ਵੀ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਵੱਡਾ ਵਾਅਦਾ ਵੀ ਪੂਰਾ ਕੀਤਾ ਹੈ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੂਸੂਚਿਤ ਸ਼੍ਰੇਣੀਆਂ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਆਰਥਿਕ ਮਦਦ ਦੇਣ ਦੀ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ ਦੀ ਨਿਰਮਾਣ, ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ, ਨਿਕਾਸੀ ਪ੍ਰਬੰਧ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਈ ਪ੍ਰਾਜੈਕਟ ਚਲ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਹਰ ਪਿੰਡ ਤੇ ਸ਼ਹਿਰ ਵਿੱਚ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਅੰਤ ’ਚ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਇੱਕ ਖੁਸ਼ਹਾਲ ਅਤੇ ਵਿਕਸਿਤ ਸੂਬਾ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਹਿਤੈਸ਼ੀ ਫੈਸਲੇ ਲਏ ਜਾਂਦੇ ਰਹਿਣਗੇ।