2027 ’ਚ ਲੋਕ ਦੇਣਗੇ ਕਾਂਗਰਸ ਨੂੰ ਵੱਡਾ ਫ਼ਤਵਾ : ਕ੍ਰਿਸ਼ਨ ਸਿੰਘ
ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕ੍ਰਿਸ਼ਨ ਸਿੰਘ ਭਾਗੀਬਾਂਦਰ ਸਰਗਰਮ
Publish Date: Mon, 16 Mar 2026 05:41 PM (IST)
Updated Date: Tue, 17 Mar 2026 04:07 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ ਹਲਕਾ ਤਲਵੰਡੀ ਸਾਬੋ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀ ਬਾਂਦਰ ਵੱਲੋਂ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਨੁੱਕੜ ਮੀਟਿੰਗਾਂ ਕਰ ਰਹੇ ਹਨ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾ ਰਹੇ ਹਨ। ਕ੍ਰਿਸ਼ਨ ਸਿੰਘ ਭਾਗੀ ਬਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣੇ ਸ਼ਾਸਨ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਕਦਮ ਚੁੱਕੇ ਹਨ। ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੇਗੀ ਅਤੇ ਹਰੇਕ ਵਰਗ ਦੀ ਭਲਾਈ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਦਾ ਸਾਥ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਲਗਾਤਾਰ ਮਿਹਨਤ ਨਾਲ ਹਲਕੇ ਵਿਚ ਕਾਂਗਰਸ ਦੀ ਪਕੜ ਮਜ਼ਬੂਤ ਹੋ ਰਹੀ ਹੈ ਤੇ ਲੋਕਾਂ ਵਿੱਚ ਵੀ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਦੇ ਚਾਰ ਸਾਲ ਬੀਤ ਚੁੱਕੇ ਹਨ ਪਰ ਅਜੇ ਤਕ ਅਜਿਹਾ ਕੋਈ ਵੱਡਾ ਵਿਕਾਸੀ ਕੰਮ ਸਾਹਮਣੇ ਨਹੀਂ ਆਇਆ, ਜਿਸ ਨਾਲ ਲੋਕਾਂ ਨੂੰ ਕੋਈ ਵਿਸ਼ੇਸ਼ ਰਾਹਤ ਮਿਲੀ ਹੋਵੇ। ਉਨ੍ਹਾਂ ਦੇ ਮੁਤਾਬਕ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਇੱਕ ਵਾਰ ਫਿਰ ਮੌਕਾ ਦੇ ਸਕਦੇ ਹਨ ਅਤੇ ਪਾਰਟੀ ਨੂੰ ਵੱਡਾ ਫਤਵਾ ਮਿਲਣ ਦੀ ਸੰਭਾਵਨਾ ਹੈ।