ਸੀਐੱਮ ਸਿਹਤ ਬੀਮਾ ਯੋਜਨਾ ਤਹਿਤ 2400 ਮਰੀਜ਼ਾਂ ਦਾ ਹੋਇਆ ਇਲਾਜ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਕ ਮਹੀਨੇ ਵਿਚ 2400 ਮਰੀਜ਼ਾਂ ਦਾ ਮੁਫ਼ਤ ਇਲਾਜ: ਚੇਅਰਮੈਨ ਜਤਿੰਦਰ ਭੱਲਾ
Publish Date: Mon, 16 Mar 2026 06:58 PM (IST)
Updated Date: Tue, 17 Mar 2026 04:10 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿਚ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਯੋਜਨਾ ਦੇ ਤਹਿਤ ਪਿਛਲੇ ਇਕ ਮਹੀਨੇ ਦੌਰਾਨ ਲਗਭਗ 2400 ਮਰੀਜ਼ਾਂ ਨੇ ਮੁਫ਼ਤ ਇਲਾਜ ਕਰਵਾਇਆ ਹੈ। ਇਹ ਜਾਣਕਾਰੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਹੈ, ਤਾਂ ਜੋ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਪੈਨਲ ਵਿਚ ਸ਼ਾਮਲ ਨਿੱਜੀ ਹਸਪਤਾਲਾਂ ਵਿਚ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਪਿਛਲੇ ਇਕ ਮਹੀਨੇ ਵਿਚ 2400 ਤੋਂ ਵੱਧ ਮਰੀਜ਼ਾਂ ਨੇ ਇਸ ਯੋਜਨਾ ਦਾ ਲਾਭ ਲੈ ਕੇ ਮੁਫ਼ਤ ਇਲਾਜ ਕਰਵਾਇਆ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਹਸਪਤਾਲਾਂ ਵਿਚ ਸਹੂਲਤਾਂ ਵਧਾਈਆਂ ਜਾ ਰਹੀਆਂ ਹਨ ਤੇ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਈ ਤਰ੍ਹਾਂ ਦੇ ਇਲਾਜ ਦੀ ਸਹੂਲਤ ਮੁਫ਼ਤ ਮਿਲਦੀ ਹੈ, ਜਿਸ ਵਿਚ ਸਰਜਰੀ, ਟੈਸਟ ਅਤੇ ਹੋਰ ਮੈਡੀਕਲ ਸੇਵਾਵਾਂ ਸ਼ਾਮਲ ਹਨ।