- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
435.76 ਗ੍ਰਾਮ ਹੈਰੋਇਨ 650 ਨਸ਼ੀਲੀਆਂ ਗੋਲੀਆਂ ਸਮੇਤ 11 ਗ੍ਰਿਫਤਾਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 435.76 ਗ੍ਰਾਮ ਹੈਰੋਇਨ ਅਤੇ 650 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਮਹਾਂਵੀਰ ਦਲ ਹਸਪਤਾਲ ਦੀ ਬੈਕ ਸਾਈਡ ਤੋਂ ਇਕ ਸ਼ਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਜਸ਼ਨ ਵਾਸੀ ਪਿੰਡ ਜੰਡਿਆਲਾ ਗੁਰੂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਜੋਂ ਹੋਈ ਹੈ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਲਜਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤਰ੍ਹਾਂ ਹੀ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਸੁਰਖ ਪੀਰ ਰੋਡ ’ਤੇ ਛਾਪੇਮਾਰੀ ਕਰਦਿਆਂ ਜਤਿੰਦਰ ਕੁਮਾਰ ਅਤੇ ਜਸਵੰਤ ਕੌਰ ਵਾਸੀ ਸੁਰਖਬੀਰ ਰੋਡ ਬਠਿੰਡਾ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਬੁਰਜ ਮਹਿਮਾ ਲਿੰਕ ਰੋਡ ਤੋਂ ਗੁਰਮੇਲ ਸਿੰਘ ਵਾਸੀ ਬੁਰਜ ਮਹਿਮਾ ਨੂੰ 650 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਸਿਰੀਏਵਾਲਾ ਵਿਖੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਸਲਾਬਤਪੁਰਾ ਵਜੋਂ ਹੋਈ ਹੈ। ਥਾਣਾ ਫੂਲ ਦੀ ਪੁਲਿਸ ਨੇ ਮਹਿਰਾਜ ਰੋਡ ’ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਸ਼ੱਕ ਪੈਣ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.57 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪੱਤੀ ਸੰਦਲੀ ਮਹਿਰਾਜ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ। ਇਕ ਹੋਰ ਮਾਮਲੇ ਵਿੱਚ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਭੂੰਦੜ ਰੋਡ ’ਤੇ ਖੜੇ ਤਿੰਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨਾਂ ਦੀ ਪਛਾਣ ਬਲਵਿੰਦਰ ਸਿੰਘ ਜਗਸੀਰ ਸਿੰਘ ਵਾਸੀ ਪਿੰਡ ਬਾਲਿਆਂਵਾਲੀ ਤੇ ਸੁਖਦੇਵ ਸਿੰਘ ਵਾਸੀ ਪਿੰਡ ਭੂੰਦੜ ਵੱਲੋਂ ਹੋਈ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਪਿੰਡ ਮੌੜ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਸੰਦੀਪ ਸਿੰਘ ਨੂੰ 6.10 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ, ਜਦੋਂ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਰਾਮਾ ਰੋਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.59 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਪਿੰਡ ਗਿਆਨਾ ਵਜੋਂ ਹੋਈ ਹੈ। ਪੁਲਿਸ ਨੇ ਇੰਨ੍ਹਾਂ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।