- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸਿੱਧੂ ਨੇ ਨਕਲੀ ਦੁੱਧ ਪਦਾਰਥਾਂ ਤੇ ਖ਼ਤਰਨਾਕ ਚੌਂਕਾਂ ਦਾ ਮੁੱਦਾ ਸਦਨ ਵਿਚ ਚੁੱਕਿਆ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲੋਕਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਜ਼ੋਰਦਾਰ ਢੰਗ ਨਾਲ ਸਦਨ ’ਚ ਚੁੱਕੇ। ਸੈਸ਼ਨ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਜੁੜੇ ਨਕਲੀ ਦੁੱਧ ਦੇ ਗੰਭੀਰ ਮੁੱਦੇ ਨੂੰ ਵੀ ਉਭਾਰਿਆ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਆਵਾਜ਼ ਚੁੱਕਣ ਦੀ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ। ਇਸ ਮਾਮਲੇ ‘ਤੇ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮਿਲਾਵਟਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ। ਸਿਹਤ ਪਦਾਰਥਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ ਤੇ ਸੂਬੇ ਭਰ ’ਚ ਨਿਰੰਤਰ ਸੈਂਪਲਿੰਗ ਤੇ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ।
ਲੋਕਾਂ ਦੀ ਸਿਹਤ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਨਕਲੀ ਜਾਂ ਮਿਲਾਵਟੀ ਦੁੱਧ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਇਕ ਸਿੱਧੂ ਨੇ ਸ਼ਹਿਰ ਰਾਮਪੁਰਾ ਫੂਲ ’ਚ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਥਿਤ ਮੌੜ ਚੌਂਕ ਅਤੇ ਟੀ-ਪੁਆਇੰਟ ਬੱਸ ਸਟੈਂਡ ‘ਤੇ ਵਾਪਰ ਰਹੇ ਸੜਕ ਹਾਦਸਿਆਂ ਦਾ ਮਾਮਲਾ ਵੀ ਸਦਨ ਵਿੱਚ ਜ਼ੋਰਦਾਰ ਢੰਗ ਨਾਲ ਚੁੱਕਿਆ। ਉਨ੍ਹਾਂ ਲੋਕ ਨਿਰਮਾਣ ਮੰਤਰੀ ਤੋਂ ਪੁੱਛਿਆ ਕਿ ਉਕਤ ਦੋਵੇਂ ਸਥਾਨਾਂ ’ਤੇ ਅਕਸਰ ਗੰਭੀਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ, ਜਿਨ੍ਹਾਂ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਡਰ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਪੁੱਛਿਆ ਕਿ ਸਰਕਾਰ ਵੱਲੋਂ ਇਨ੍ਹਾਂ ਸੰਵੇਦਨਸ਼ੀਲ ਸਥਾਨਾਂ ’ਤੇ ਫਲਾਈਓਵਰ ਜਾਂ ਓਵਰਬ੍ਰਿਜ ਬਣਾਉਣ ਲਈ ਕੋਈ ਮਤਾ ਤਿਆਰ ਕੀਤਾ ਗਿਆ ਹੈ।
ਵਿਧਾਇਕ ਸਿੱਧੂ ਨੇ ਇਹ ਵੀ ਪੁੱਛਿਆ ਕਿ ਜੇਕਰ ਸਰਕਾਰ ਵੱਲੋਂ ਕੋਈ ਪ੍ਰਸਤਾਵ ਤਿਆਰ ਕੀਤਾ ਗਿਆ ਹੈ ਤਾਂ ਉਸ ਦੀ ਮੌਜੂਦਾ ਸਥਿਤੀ, ਮਨਜ਼ੂਰੀ ਅਤੇ ਉਸ ਦੇ ਨਿਰਮਾਣ ਲਈ ਅਨੁਮਾਨਿਤ ਸਮਾਂ-ਸੀਮਾ ਬਾਰੇ ਸਦਨ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਸ ਸਬੰਧੀ ਅਜੇ ਤੱਕ ਕੋਈ ਯੋਜਨਾ ਤਿਆਰ ਨਹੀਂ ਕੀਤੀ, ਤਾਂ ਇਸ ਸੰਵੇਦਨਸ਼ੀਲ ਸਥਾਨ ’ਤੇ ਸੜਕ ਹਾਦਸਿਆਂ ਦੀ ਰੋਕਥਾਮ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਿਹੜੇ ਠੋਸ ਕਦਮ ਚੁੱਕੇ ਜਾਣਗੇ। ਇਸ ਮਾਮਲੇ ’ਤੇ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਭਰੋਸਾ ਦਿਵਾਇਆ ਕਿ ਉਕਤ ਸਥਾਨਾਂ ‘ਤੇ ਮਨੁੱਖੀ ਜਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਲੁੜੀਂਦੇ ਕਦਮ ਚੁੱਕੇ ਜਾਣਗੇ, ਤਾਂ ਜੋ ਭਵਿੱਖ ’ਚ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ।