- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ
ਪੁਲਿਸ ਵੱਲੋਂ ਕੀਤੇ ਤਸ਼ੱਦਦ ਖਿਲਾਫ਼ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਗੁਰਮੇਲ ਸਿੰਘ ਮਲਕਾਣਾ ਜ਼ਿਲ੍ਹਾ ਜਨਰਲ ਸਕੱਤਰ ਡੀਟੀਐੱਫ, ਮੋਹਨ ਸਿੰਘ ਮਲਕਾਣਾ ਬਲਾਕ ਪ੍ਰਧਾਨ,ਭੋਲਾ ਰਾਮ ਬਲਾਕ ਪ੍ਰਧਾਨ ਦੀ ਅਗਵਾਈ ਵਿੱਚ ਤਹਿਸੀਲ ਕੰਪਲੈਕਸ ਦੇ ਮੇਨ ਉੱਤੇ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰ ਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ 'ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ 'ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ। ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਪ੍ਰਦਰਸ਼ਨ ਵਿੱਚ ਕੁਲਦੀਪ ਸਿੰਘ ਗੋਸਲ, ਜਸਵਿੰਦਰ ਸਿੰਘ ਸੰਦੋਹਾ, ਅਵਤਾਰ ਸਿੰਘ ਭਾਗੀਵਾਂਦਰ,ਵੀਰ ਸਿੰਘ ਲੈਕਚਰਾਰ,ਹਾਕਮ ਸਿੰਘ ਲੈਕਚਰਾਰ,ਹਰਸ਼ਰਨ ਸਿੰਘ,ਦਲ ਸਿੰਘ,ਬਲਕੌਰ ਸਿੰਘ, ਗੁਰਨਾਇਬ ਸਿੰਘ,ਸੁਰੇਸ਼ ਕੁਮਾਰ,ਵਿਜੈ ਕੁਮਾਰ, ਗਿਰਧਾਰੀ ਲਾਲ, ਗੁਰਪ੍ਰੀਤ ਸਿੰਘ,ਬਲਰਾਮ ਕੁਮਾਰ,ਗੁਰਸ਼ਰਨ ਸਿੰਘ,ਮੋਦਨ ਸਿੰਘ, ਜਗਜੀਤ ਸਿੰਘ, ਗਗਨਦੀਪ ਸਿੰਘ,ਰਜਿੰਦਰ ਸਿੰਘ ਆਦਿ ਵੱਡੀ ਗਿਣਤੀ ਅਧਿਆਪਕ ਆਦਿ ਹਾਜ਼ਰ ਸਨ।