ਟੀਈਟੀ ਦੀ ਸ਼ਰਤ ਖ਼ਿਲਾਫ਼ ਅਧਿਆਪਕਾਂ ਨੇ ਫੂਕੀ ਸਰਕਾਰ ਦੀ ਅਰਥੀ
ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Publish Date: Wed, 18 Mar 2026 04:30 PM (IST)
Updated Date: Thu, 19 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹੇ ਵਿਚ ਅਧਿਆਪਕਾਂ ਵੱਲੋਂ ਟੀਈਟੀ ਦੀ ਸ਼ਰਤ ਨੂੰ ਜਬਰੀ ਥੋਪਣ ਦੇ ਵਿਰੋਧ ਵਿਚ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਇਕੱਠੇ ਹੋਏ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਜਗਪਾਲ ਸਿੰਘ ਬੰਗੀ, ਬੀਐਡ ਫਰੰਟ ਦੇ ਆਗੂ ਕਰਮਜੀਤ ਸਿੰਘ ਜਲਾਲ ਅਤੇ ਰਾਜਵੀਰ ਸਿੰਘ ਮਾਨ, ਜੀਟੀਯੂ ਤੋਂ ਬਲਦੇਵ ਸਿੰਘ, ਡੀਟੀਐੱਫ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੋਆਣਾ, ਫਿਜ਼ੀਕਲ ਐਜੂਕੇਸ਼ਨ ਟੀਚਰ ਯੂਨੀਅਨ ਤੋਂ ਜਗਦੀਸ਼ ਸਿੰਘ ਜੱਗੀ ਅਤੇ ਅਧਿਆਪਕ ਦਲ ਤੋਂ ਮਨਸੁਖਜੀਤ ਸਿੰਘ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਵਿਖੇ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਵਿਧਾਨ ਸਭਾ ਵਿੱਚ ਮਤਾ ਲਿਆਏਗੀ ਅਤੇ ਰਿਵਿਊ ਪਟੀਸ਼ਨ ਵੀ ਦਾਖਲ ਕਰੇਗੀ।
ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਨਾ ਤਾਂ ਸੁਪਰੀਮ ਕੋਰਟ ਵਿਚ ਕੋਈ ਰਿਵਿਊ ਪਟੀਸ਼ਨ ਦਾਖਲ ਕੀਤੀ ਗਈ ਹੈ ਅਤੇ ਨਾ ਹੀ ਵਿਧਾਨ ਸਭਾ ਵਿਚ ਮਤਾ ਲਿਆ ਹੈ। ਇਸ ਦੇ ਉਲਟ ਚੰਡੀਗੜ੍ਹ ਵਿਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ, ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਦਬਾਅ ਬਣਾਇਆ ਗਿਆ। ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ ਅਤੇ ਟੀਈਟੀ ਵਰਗੀਆਂ ਸ਼ਰਤਾਂ ਰਾਹੀਂ ਸਿੱਖਿਆ ਵਿਭਾਗ ਵਿਚ ਛਾਂਟੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵੀਂ ਸਿੱਖਿਆ ਨੀਤੀ 2020 ਦੇ ਨਾਂ ‘ਤੇ ਸਿੱਖਿਆ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਅਧਿਆਪਕ ਆਗੂਆਂ ਨੇ ਇਹ ਵੀ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਤਨਖਾਹਾਂ ਜਾਰੀ ਨਾ ਹੋਣ ਕਾਰਨ ਅਧਿਆਪਕ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਅਤੇ ਕਾਨਫਰੰਸਾਂ ’ਤੇ ਖਰਚ ਕਰ ਰਹੀ ਹੈ ਪਰ ਮੁਲਾਜ਼ਮਾਂ ਦੀਆਂ ਬੁਨਿਆਦੀ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਟੀਈਟੀ ਦੀ ਸ਼ਰਤ ਵਾਪਸ ਨਾ ਲਈ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ਵਿਚ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ, ਬੂਟਾ ਸਿੰਘ, ਦਵਿੰਦਰ ਸਿੰਘ, ਬੇਅੰਤ ਸਿੰਘ ਫੂਲੇਵਾਲਾ, ਹਰਜੀਤ ਸਿੰਘ ਜੀਦਾ ਅਤੇ ਲੋਕ ਮੋਰਚਾ ਦੇ ਗੁਰਮੁੱਖ ਸਿੰਘ ਨਥਾਣਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ ।