ਪਰਾਲੀ ਸਾੜਨ 'ਤੇ ਸਖ਼ਤ ਕਾਰਵਾਈ ਲਈ ਪ੍ਰਸ਼ਾਸਨ ਤਿਆਰ
ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ 'ਤੇ ਸਖ਼ਤ ਕਾਰਵਾਈ, ਪਿੰਡ ਪੱਧਰ 'ਤੇ ਨਿਗਰਾਨੀ ਪ੍ਰਣਾਲੀ ਮਜ਼ਬੂਤ
Publish Date: Wed, 18 Mar 2026 05:42 PM (IST)
Updated Date: Thu, 19 Mar 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜਿਵੇਂ-ਜਿਵੇਂ ਕਣਕ ਦੀ ਵਾਢੀ ਦਾ ਸੀਜ਼ਨ ਨੇੜੇ ਆ ਰਿਹਾ ਹੈ। ਜ਼ਿਲ੍ਹੇ ਦੇ ਪ੍ਰਸ਼ਾਸਨ ਨੇ ਪਰਾਲੀ ਸਾੜਨ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਤਿਆਰੀ ਕਰ ਲਈ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ। ਪ੍ਰਸ਼ਾਸਨ ਦਾ ਉਦੇਸ਼ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨਾ ਅਤੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੇ ਵਿਕਲਪਕ ਤਰੀਕਿਆਂ ਬਾਰੇ ਜਾਗਰੂਕ ਕਰਨਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡ ਪੱਧਰ 'ਤੇ ਇਕ ਵਿਸ਼ੇਸ਼ ਨਿਗਰਾਨੀ ਪ੍ਰਣਾਲੀ ਵਿਕਸਤ ਕੀਤੀ ਗਈ ਹੈ। ਜ਼ਿਲ੍ਹੇ ਨੂੰ 45 ਕਲੱਸਟਰਾਂ ਵਿਚ ਵੰਡਿਆ ਗਿਆ ਹੈ ਤੇ ਹਰ ਕਲੱਸਟਰ ਲਈ ਇਕ ਕਲੱਸਟਰ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ। ਇਹ ਅਧਿਕਾਰੀ ਆਪਣੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਕਰਨਗੇ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨਗੇ। ਜ਼ਿਲ੍ਹੇ ਦੇ 294 ਪਿੰਡਾਂ ਵਿੱਚੋਂ ਹਰੇਕ ਪਿੰਡ ਲਈ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਨ੍ਹਾਂ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਸਿਰਫ਼ ਨਿਗਰਾਨੀ ਤੱਕ ਹੀ ਸੀਮਤ ਨਹੀਂ ਹੋਣਗੀਆਂ, ਸਗੋਂ ਇਹ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੀ ਕੰਮ ਕਰਨਗੇ। ਨੋਡਲ ਅਧਿਕਾਰੀ ਕਿਸਾਨਾਂ ਨੂੰ ਸੂਚਿਤ ਕਰਨਗੇ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ ਬਲਕਿ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਲੰਬੇ ਸਮੇਂ ਵਿਚ ਫਸਲ ਉਤਪਾਦਨ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੇ ਹੋਰ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਪਰਾਲੀ ਸਾੜਨ ਤੋਂ ਬਿਨਾਂ ਆਪਣੇ ਖੇਤ ਤਿਆਰ ਕਰ ਸਕਣ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਜੇਕਰ ਕੋਈ ਕਿਸਾਨ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਸਾੜਦਾ ਪਾਇਆ ਜਾਂਦਾ ਹੈ, ਤਾਂ ਉਸ ਨੂੰ ਜੁਰਮਾਨਾ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਸਾਨਾਂ ਨੂੰ ਵਾਤਾਵਰਣ ਸੁਰੱਖਿਆ ਵਿਚ ਸਹਿਯੋਗ ਕਰਨ ਅਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਪ੍ਰਦੂਸ਼ਣ ਦੀ ਸਮੱਸਿਆ 'ਤੇ ਕਾਬੂ ਪਾਇਆ ਜਾ ਸਕਦਾ ਹੈ।