ਹਰਸਿਮਰਤ ਕੌਰ ਬਾਦਲ ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਚੁੱਕ ਰਹੇ ਨੇ ਪਾਰਲੀਮੈਂਟ ’ਚ : ਜੱਗਾ ਕਲਿਆਣ
ਹਰਸਿਮਰਤ ਕੌਰ ਬਾਦਲ ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਚੁੱਕ ਰਹੇ ਨੇ ਪਾਰਲੀਮੈਂਟ ਵਿਚ : ਜੱਗਾ ਕਲਿਆਣ
Publish Date: Thu, 19 Mar 2026 04:51 PM (IST)
Updated Date: Thu, 19 Mar 2026 04:55 PM (IST)
- ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੇਵਾਵਾਂ ਨਾਲ ਜੋੜਨ ਦਾ ਮੁੱਦਾ ਉਠਾਏ ਜਾਣ ’ਤੇ ਕੀਤਾ ਧੰਨਵਾਦ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਆਖਿਆ ਹੈ ਕਿ ਹਰਸਿਮਰਤ ਕੌਰ ਬਾਦਲ ਪਾਰਲੀਮੈਂਟ ਵਿਚ ਪੰਜਾਬ ਦੀ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ’ਤੇ ਬੇਬਾਕੀ ਨਾਲ ਆਪਣੀ ਗੱਲ ਰੱਖੀ ਹੈ। ਉਨ੍ਹਾਂ ਲੋਕ ਸਭਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੇਵਾਵਾਂ ਨਾਲ ਜੋੜਨ ਦਾ ਮੁੱਦਾ ਉਠਾਉਣ ਲਈ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਲੰਮੇ ਸਮੇਂ ਤੋਂ ਦੇਸ਼ ਵਿਦੇਸ ਦੀ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਸੰਸਦ ਵਿੱਚ ਉਠਾਉਣਾ ਕਾਬਿਲ-ਏ-ਤਾਰੀਫ਼ ਕਦਮ ਹੈ। ਜੱਗਾ ਕਲਿਆਣ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਸਿੱਖ ਕੌਮ ਦਾ ਪਵਿੱਤਰ ਧਾਰਮਿਕ ਅਸਥਾਨ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਸੰਗਤ ਮੱਥਾ ਟੇਕਣ ਲਈ ਆਉਂਦੀ ਹੈ। ਪਰ ਰੇਲ ਸੇਵਾਵਾਂ ਦੀ ਕਮੀ ਕਾਰਨ ਸੰਗਤ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਲਾਕੇ ਨੂੰ ਰੇਲ ਲਾਈਨ ਨਾਲ ਜੋੜਿਆ ਜਾਂਦਾ ਹੈ ਤਾਂ ਇਸ ਨਾਲ ਸੰਗਤ ਨੂੰ ਸਹੂਲਤ ਮਿਲੇਗੀ ਅਤੇ ਧਾਰਮਿਕ ਟੂਰਿਜ਼ਮ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿੱਚ ਇਹ ਮੰਗ ਉਠਾਉਣਾ ਸੰਗਤ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਦਾ ਹੈ। ਇਸ ਨਾਲ ਕੇਂਦਰ ਸਰਕਾਰ ਦਾ ਧਿਆਨ ਵੀ ਇਸ ਮਹੱਤਵਪੂਰਨ ਮਸਲੇ ਵੱਲ ਖਿੱਚਿਆ ਗਿਆ ਹੈ। ਜੱਗਾ ਕਲਿਆਣ ਨੇ ਉਮੀਦ ਜਤਾਈ ਕਿ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਲਏਗੀ ਅਤੇ ਜਲਦੀ ਹੀ ਇਸ ਸਬੰਧੀ ਕੋਈ ਸਕਾਰਾਤਮਕ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੇਵਾਵਾਂ ਨਾਲ ਜੋੜਨ ਨਾਲ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਆਰਥਿਕ ਅਤੇ ਸਮਾਜਿਕ ਪੱਧਰ ’ਤੇ ਵੀ ਇਲਾਕੇ ਨੂੰ ਵੱਡਾ ਲਾਭ ਮਿਲੇਗਾ। ਇਸ ਨਾਲ ਇਲਾਕੇ ਵਿੱਚ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਵਪਾਰ ਨੂੰ ਵੀ ਤਾਕਤ ਮਿਲੇਗੀ। ਜੱਗਾ ਕਲਿਆਣ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਹਮੇਸ਼ਾ ਖੇਤੀਬਾੜੀ, ਵਪਾਰ, ਪੰਜਾਬ ਦੇ ਧਾਰਮਿਕ ਅਸਥਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਆਵਾਜ਼ ਉਠਾਉਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ ਵਿੱਚ ਇਹ ਮਸਲਾ ਉਠਾਉਣਾ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਸੰਗਤ ਅਤੇ ਪੰਜਾਬ ਦੇ ਹਿੱਤਾਂ ਲਈ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ।