ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ 13 ਗ੍ਰਿਫ਼ਤਾਰ
30.72 ਗ੍ਰਾਮ ਹੈਰੋਇਨ ਅਤੇ 60 ਨਸ਼ੀਲੀਆਂ ਗੋਲੀਆਂ ਸਮੇਤ 13 ਗ੍ਰਿਫਤਾਰ
Publish Date: Thu, 19 Mar 2026 05:24 PM (IST)
Updated Date: Thu, 19 Mar 2026 05:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 13 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 30.72 ਗ੍ਰਾਮ ਹੈਰੋਇਨ, 190 ਪਾਬੰਦੀਸ਼ੁਦਾ ਕੈਪਸੂਲ ਅਤੇ 60 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਢਿੱਲੋਂ ਕਾਲੋਨੀ ਵਿੱਚ ਛਾਪੇਮਾਰੀ ਕਰਦਿਆਂ ਤਿੰਨ ਵਿਅਕਤੀਆਂ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਅਨਰਜੀਤ ਸਿੰਘ ਵਾਸੀ ਜੋਗੀ ਨਗਰ ਬਠਿੰਡਾ, ਪ੍ਰਿੰਸ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਅਤੇ ਚਰਨਜੀਤ ਕੌਰ ਵਾਸੀ ਗੋਪਾਲ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਵੀ ਤਿੰਨ ਵਿਅਕਤੀਆਂ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਕੋਟਸ਼ਮੀਰ ਵਿੱਚ ਛਾਪੇਮਾਰੀ ਕਰਦਿਆਂ ਸੱਤਪਾਲ ਸਿੰਘ, ਸੰਦੀਪ ਸਿੰਘ ਅਤੇ ਨਿੱਕਾ ਸਿੰਘ ਵਾਸੀ ਕੋਟਸ਼ਮੀਰ ਨੂੰ ਉਕਤ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਵੀ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਕੋਠੇ ਲਾਲ ਸਿੰਘ ਵਾਲੇ ਵਿੱਚ ਛਾਪੇਮਾਰੀ ਕਰਦਿਆਂ ਮੰਗਾ ਸਿੰਘ ਅਤੇ ਹਰਜਿੰਦਰ ਸਿੰਘ ਵਾਸੀ ਅਬਲੂ ਨੂੰ 6.5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਗਗਨਪ੍ਰੀਤ ਸਿੰਘ ਵਾਸੀ ਪਿੰਡ ਨਥਾਣਾ ਨੂੰ 190 ਪਾਬੰਦੀਸ਼ਦਾ ਕੈਪਸੂਲਾਂ ਸਮੇਤ ਫੜਿਆ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਿਨੈ ਬਾਂਸਲ ਨੂੰ 2.74 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਲਹਿਰੀ ਵਿੱਚ ਛਾਪੇਮਾਰੀ ਕਰਦਿਆਂ ਰਾਜਪ੍ਰੀਤ ਸਿੰਘ ਵਾਸੀ ਪਿੰਡ ਲਹਿਰੀ ਨੂੰ 6.32 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਪੱਕਾ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਲਵਦੀਪ ਸਿੰਘ ਨੂੰ 3.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਬਹਾਦਰਗੜ੍ਹ ਜੰਡੀਆਂ ਨੂੰ 60 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ।