ਬਠਿੰਡਾ ਪੁਲਿਸ ਦਾ ਕਾਸੋ ਆਪ੍ਰੇਸ਼ਨ, ਹੈਰੋਇਨ ਤੇ ਸਿੰਥੈਟਿਕ ਡਰੱਗ ਬਰਾਮਦ
ਡਾ. ਜੈਨ ਦੀ ਅਗਵਾਈ ਹੇਠ ਬਠਿੰਡਾ ਪੁਲਿਸ ਦਾ ਕਾਸੋ ਆਪਰੇਸ਼ਨ, ਹੈਰੋਇਨ ਅਤੇ ਸਿੰਥੈਟਿਕ ਡਰੱਗ ਬਰਾਮਦ
Publish Date: Thu, 19 Mar 2026 06:45 PM (IST)
Updated Date: Thu, 19 Mar 2026 06:49 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਬਠਿੰਡਾ ਪੁਲਿਸ ਨੇ ਸਪੈਸ਼ਲ ਡੀਜੀਪੀ ਡਾ. ਜਤਿੰਦਰ ਜੈਨ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਕਾਸੋ ਆਪ੍ਰੇਸ਼ਨ ਚਲਾਇਆ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਕੇ ਹੈਰੋਇਨ ਅਤੇ ਸਿੰਥੈਟਿਕ ਡਰੱਗ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਨੇ ਛੇ ਮੁਕੱਦਮੇ ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤੇ ਹਨ। ਸਪੈਸ਼ਲ ਡੀਜੀਪੀ ਡਾ. ਜਤਿੰਦਰ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਹ ਆਪਰੇਸ਼ਨ ਖਾਸ ਤੌਰ ’ਤੇ ਉਨ੍ਹਾਂ ਇਲਾਕਿਆਂ ਵਿੱਚ ਕੀਤਾ ਗਿਆ ਜਿੱਥੇ ਨਸ਼ੇ ਦੀ ਤਸਕਰੀ ਦੇ ਮਾਮਲੇ ਵੱਧ ਮਿਲ ਰਹੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਕਾਸੋ ਆਪਰੇਸ਼ਨ ਦੌਰਾਨ ਪੁਲਿਸ ਨੇ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਸਿੰਥੈਟਿਕ ਡਰੱਗ ਬਰਾਮਦ ਕੀਤੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਛੇ ਕੇਸ ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਹੋਰ ਡੂੰਘੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤਕ ਵੀ ਪਹੁੰਚਿਆ ਜਾ ਸਕੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਬਠਿੰਡਾ ਜ਼ਿਲ੍ਹੇ ਵਿੱਚ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ 2100 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਇਸ ਦੌਰਾਨ ਪੁਲਿਸ ਵੱਲੋਂ ਹੁਣ ਤੱਕ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ’ਤੇ ਆਰਥਿਕ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ 78 ਕੇਸਾਂ ਵਿੱਚ ਲਗਭਗ 13 ਕਰੋੜ ਰੁਪਏ ਦੀ ਸੰਪਤੀ ਫਰੀਜ਼ ਕੀਤੀ ਗਈ ਹੈ। ਪੁਲਿਸ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜੀ ਜਾ ਸਕੇ ਅਤੇ ਉਹ ਮੁੜ ਇਸ ਗੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਨਾ ਹੋ ਸਕਣ। ਡਾ. ਜਤਿੰਦਰ ਜੈਨ ਨੇ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਖਾਸ ਤੌਰ ’ਤੇ ਉਨ੍ਹਾਂ ਇਲਾਕਿਆਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਜਿੱਥੇ ਨਸ਼ਿਆਂ ਦੀ ਤਸਕਰੀ ਵਧੀ ਹੋਈ ਸੀ। ਪੁਲਿਸ ਵੱਲੋਂ ਨਸ਼ੇ ਦੇ ਹਾਟ ਸਪੋਟ ਖੇਤਰਾਂ ਵਿੱਚ ਲਗਭਗ 600 ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਇਲਾਕਿਆਂ ਵਿੱਚ ਲਗਾਤਾਰ ਚੈਕਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਨਸ਼ਾ ਬਰਾਮਦ ਕਰਨਾ ਨਹੀਂ, ਸਗੋਂ ਨਸ਼ਾ ਤਸਕਰੀ ਦੇ ਪੂਰੇ ਜਾਲ ਨੂੰ ਤੋੜਨਾ ਹੈ। ਇਸ ਲਈ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਵੱਖ-ਵੱਖ ਏਜੰਸੀਆਂ ਨਾਲ ਮਿਲ ਕੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਸਪੈਸ਼ਲ ਡੀਜੀਪੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਨਾਲ ਜੁੜੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਨਸ਼ਿਆਂ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕਾਸੋ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਸਮਾਜ ਨੂੰ ਨਸ਼ਿਆਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਬਠਿੰਡਾ ਪੁਲਿਸ ਦੇ ਇਸ ਤਾਜ਼ਾ ਆਪ੍ਰੇਸ਼ਨ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।