ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਰੈਲੀ 11 ਨੂੰ
11 ਅਪ੍ਰੈਲ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਅਕਾਲੀ ਦਲ ਦੀਆਂ ਤਿਆਰੀਆਂ ਤੇਜ਼
Publish Date: Fri, 20 Mar 2026 04:46 PM (IST)
Updated Date: Sat, 21 Mar 2026 04:05 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਵਿਚ 11 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ‘ਪੰਜਾਬ ਬਚਾਓ’ ਵਿਸ਼ਾਲ ਰੈਲੀ ਸਬੰਧੀ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਸਬੰਧੀ ਹਲਕਾ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਵੱਲੋਂ ਸਰਕਲ ਤਲਵੰਡੀ ਸਾਬੋ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚ ਦੌਰੇ ਕਰਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਰਵੀ ਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ 11 ਅਪ੍ਰੈਲ ਨੂੰ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਰ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਸਿਰਫ ਇਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਹੱਕਾਂ ਦੀ ਲੜਾਈ ਦਾ ਵੱਡਾ ਮੰਚ ਸਾਬਤ ਹੋਵੇਗੀ। ਭਵਿੱਖ ’ਚ ਹੋਰ ਵੀ ਵੱਡੇ ਪੱਧਰ ‘ਤੇ ਮੀਟਿੰਗਾਂ ਤੇ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਇਸ ਰੈਲੀ ਨੂੰ ਕਾਮਯਾਬ ਬਣਾਇਆ ਜਾ ਸਕੇ। ਮੀਟਿੰਗਾਂ ਦੌਰਾਨ ਵਰਕਰਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਸਾਰੇ ਵਰਕਰਾਂ ਨੇ ਇਹ ਭਰੋਸਾ ਦਿੱਤਾ ਕਿ 11 ਅਪ੍ਰੈਲ ਦੀ ਰੈਲੀ ਨੂੰ ਯਾਦਗਾਰ ਬਣਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ, ਹਰਤਬਾਲ ਸਿੰਘ ਸੁੱਖੀ ਨਿੱਜੀ ਸਹਾਇਕ, ਐਡਵੋਕੇਟ ਸਤਿੰਦਰ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ, ਰਸ਼ਵਿੰਦਰ ਸਿੰਘ ਸ਼ੇਖਪੁਰਾ ਬਲਾਕ ਸੰਮਤੀ ਮੈਂਬਰ, ਬੂਟਾ ਸਿੰਘ ਸਰਪੰਚ ਲਾਲੇਆਣਾ, ਲਾਲੀ ਧਾਲੀਵਾਲ ਤੋਂ ਇਲਾਵਾ ਕਈ ਸਥਾਨਕ ਆਗੂਆਂ ਅਤੇ ਇਲਾਕੇ ਦੀਆਂ ਨਾਮਵਰ ਸ਼ਖਸੀਅਤਾਂ ਨੇ ਵੀ ਹਾਜ਼ਰੀ ਲਗਵਾ ਕੇ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।