ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਣੇ 7 ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਸੱਤ ਵਿਅਕਤੀ ਗ੍ਰਿਫਤਾਰ,
Publish Date: Sat, 21 Mar 2026 05:14 PM (IST)
Updated Date: Sun, 22 Mar 2026 04:08 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸੱਤ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 18.53 ਗ੍ਰਾਮ ਹੈਰੋਇਨ ਤੇ 600 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਬਠਿੰਡਾ ਬਾਦਲ ਫਲਾਈਓਵਰ ਦੇ ਥੱਲੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਜਾਫਰ ਖਾਨ ਵਾਸੀ ਬਸਤੀ ਅਮਰਪੁਰਾ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਥਰਮਲ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਬਲਵੰਤ ਸਿੰਘ ਵਾਸੀ ਖੇਤਾ ਸਿੰਘ ਬਸਤੀ ਨੂੰ 3.2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਹਰ ਰਾਏਪੁਰ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਗੋਨਿਆਣਾ ਕਲ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਕਾਂਗੜ ’ਚ ਸ਼ੱਕ ਪੈਣ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਸੁਖਦੀਪ ਸਿੰਘ ਬਾਸੀ ਵਾਸੀ ਪਿੰਡ ਬੁਰਜ ਰਾਜਗੜ੍ਹ ਵਜੋਂ ਹੋਈ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰਾਮਪੁਰਾ ਮੰਡੀ ਵਿੱਚ ਛਾਪੇਮਾਰੀ ਕਰਦਿਆਂ ਕੁਲਵੰਤ ਕੌਰ ਨੂੰ 9.48 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਕ ਹੋਰ ਮਾਮਲੇ ’ਚ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗੁਰਥੜੀ ਪਿੰਡ ਤੋਂ 60 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਨਸੀਬ ਸਿੰਘ ਵਾਸੀ ਪਿੰਡ ਪੱਕਾ ਕਲਾਂ ਵਜੋਂ ਹੋਈ ਹੈ।