ਬਾਈਕ ਚੋਰ ਗਿਰੋਹ ਦੇ ਤਿੰਨ ਮੁਲਜ਼ਮ ਕਾਬੂ
ਡੱਬਵਾਲੀ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਬੇਨਕਾਬ, ਬਠਿੰਡਾ ਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ
Publish Date: Sun, 22 Mar 2026 04:53 PM (IST)
Updated Date: Mon, 23 Mar 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਹਰਿਆਣਾ ਦੇ ਡਬਵਾਲੀ ਵਿੱਚ ਪੁਲਿਸ ਨੇ ਇਕ ਸਰਗਰਮ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਕ ਸਕੂਟਰ ਤੇ ਛੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਤਰ੍ਹਾਂ ਕੁੱਲ ਸੱਤ ਚੋਰੀਸ਼ੁਦਾ ਵਾਹਨ ਜ਼ਬਤ ਕੀਤੇ ਗਏ ਹਨ। ਉਪ ਪੁਲਿਸ ਅਧਿਕਾਰੀ ਕਪਿਲ ਅਹਲਾਵਤ ਨੇ ਦੱਸਿਆ ਕਿ ਖੇਤਰ ਵਿਚ ਵਧ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ 8 ਮਾਰਚ 2026 ਨੂੰ ਮੰਡੀ ਡੱਬਵਾਲੀ ਦੇ ਵਾਸੀ ਸਤੀਸ਼ ਮਹਿਤਾ ਦੀ ਮੋਟਰਸਾਈਕਲ ਚੋਰੀ ਦੇ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਇਸ ਗਿਰੋਹ ਤਕ ਪਹੁੰਚੀ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਦੇਵੀ ਲਾਲ ਦੀ ਅਗਵਾਈ ਹੇਠ ਬਣਾਈ ਟੀਮ ਨੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਗਹਿਰਾਈ ਨਾਲ ਜਾਂਚ ਕੀਤੀ। ਤਕਨੀਕੀ ਤੇ ਮਨੁੱਖੀ ਸੂਤਰਾਂ ਦੀ ਮਦਦ ਨਾਲ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਚਮਕੌਰ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਵਜੋਂ ਹੋਈ ਹੈ, ਜੋ ਸਾਰੇ ਬਠਿੰਡਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਬਠਿੰਡਾ ਅਤੇ ਨੇੜਲੇ ਇਲਾਕਿਆਂ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਕਰਦਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਵੇਚ ਦਿੰਦਾ ਸੀ। ਪੁਲਿਸ ਵੱਲੋਂ ਮੁਲਜ਼ਮਾਂ ਨਾਲ ਪੁੱਛਗਿੱਛ ਜਾਰੀ ਹੈ ਤਾਂ ਜੋ ਹੋਰ ਚੋਰੀ ਦੇ ਮਾਮਲਿਆਂ ਅਤੇ ਗਿਰੋਹ ਦੇ ਨੈੱਟਵਰਕ ਬਾਰੇ ਖੁਲਾਸਾ ਕੀਤਾ ਜਾ ਸਕੇ। ਪੁਲਿਸ ਨੇ ਕਿਹਾ ਕਿ ਇਸ ਕਾਰਵਾਈ ਨਾਲ ਇਲਾਕੇ ਵਿੱਚ ਵਾਹਨ ਚੋਰੀ ਦੀਆਂ ਘਟਨਾਵਾਂ ‘ਤੇ ਕਾਫ਼ੀ ਹੱਦ ਤਕ ਰੋਕ ਲੱਗੇਗੀ।