ਬਠਿੰਡਾ ਤੋਂ ਬਰਨਾਲਾ ਕਾਨਫਰੰਸ ਲਈ ਕਿਸਾਨ ਹੋਣਗੇ ਰਵਾਨਾ
ਬਠਿੰਡਾ ਤੋਂ ਬਰਨਾਲਾ ਕਾਨਫਰੰਸ ਲਈ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਰਵਾਨਾ ਹੋਣਗੇ
Publish Date: Sun, 22 Mar 2026 08:04 PM (IST)
Updated Date: Mon, 23 Mar 2026 04:16 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਦੀਆਂ ਕਰੀਬ 90 ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਨੌਜਵਾਨ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਬਰਨਾਲਾ ਵਿਖੇ ਸੂਬਾ ਪੱਧਰੀ “ਸਾਮਰਾਜ ਵਿਰੋਧੀ ਕਾਨਫਰੰਸ” ਕਰਵਾਈ ਜਾ ਰਹੀ ਹੈ। ਕਾਨਫਰੰਸ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ, ਮਜ਼ਦੂਰ ਤੇ ਔਰਤਾਂ ਸ਼ਮੂਲੀਅਤ ਕਰਨਗੀਆਂ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅਤੇ ਪਿੰਡਾਂ ਵਿੱਚ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਬਠਿੰਡਾ ਜ਼ਿਲ੍ਹੇ ਵਿੱਚੋਂ 75 ਬੱਸਾਂ ਸਮੇਤ ਸੌ ਤੋਂ ਵੱਧ ਵਾਹਨ ਬਰਨਾਲਾ ਲਈ ਰਵਾਨਾ ਹੋਣਗੇ। ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਤੇ ਨੌਜਵਾਨ ਇਸ ਕਾਨਫਰੰਸ ਵਿੱਚ ਸ਼ਮੂਲੀਅਤ ਕਰਕੇ ਆਪਣਾ ਵਿਰੋਧ ਦਰਜ ਕਰਵਾਉਣਗੇ। ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਨੇ ਦੇਸ਼ ਨੂੰ ਦੇਸੀ-ਵਿਦੇਸ਼ੀ ਸਾਮਰਾਜੀ ਤਾਕਤਾਂ, ਜਾਗੀਰਦਾਰਾਂ ਅਤੇ ਸਰਮਾਏਦਾਰਾਂ ਦੀ ਲੁੱਟ ਤੋਂ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਨਿਓਛਾਵਰ ਕੀਤੀਆਂ ਸਨ, ਪਰ ਅੱਜ ਵੀ ਇਹ ਲੁੱਟ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰਾਂ ਵੱਲੋਂ ਵਿਦੇਸ਼ੀ ਕੰਪਨੀਆਂ ਨੂੰ ਦੇਸ਼ ਦੇ ਸਰੋਤ ਸੌਂਪੇ ਜਾ ਰਹੇ ਹਨ, ਜਿਸ ਦੇ ਵਿਰੋਧ ’ਚ ਇਹ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਬਰਨਾਲਾ ਪਹੁੰਚ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋਣ।