ਸ਼ਹੀਦਾਂ ਦੀਆਂ ਕੁਰਬਾਨੀਆਂ ਪੜ੍ਹਾਉਂਦੀਆਂ ਨੇ ਹਿੰਮਤ ਦਾ ਪਾਠ : ਭੱਲਾ
ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਦੇਸ਼ ਪ੍ਰੇਮ ਅਤੇ ਹਿੰਮਤ ਅਤੇ ਕੁਰਬਾਨੀ ਦਾ ਪਾਠ ਪੜ੍ਹਾਉਂਦੀਆਂ ਹਨ: ਭੱਲਾ
Publish Date: Mon, 23 Mar 2026 05:47 PM (IST)
Updated Date: Tue, 24 Mar 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹੀਦ ਰਾਜਗੁਰੂ ਇਨਕਲੇਵ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਨਗਰ ਸੁਧਾਰ ਟਰਸੱਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਭੱਲਾ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਤਸਵੀਰਾਂ ਅੱਗੇ ਸ਼ਰਧਾ ਸੁਮਨ ਭੇਟ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਕੁਰਬਾਨੀ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਤਿੰਨੇ ਮਹਾਨ ਯੋਧੇ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਅਜਿਹੇ ਸੂਰਮੇ ਸਨ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਹਰ ਭਾਰਤੀ ਲਈ ਇਹ ਮਾਣ ਦੀ ਗੱਲ ਹੈ ਕਿ ਅਜਿਹੇ ਮਹਾਨ ਸ਼ਹੀਦਾਂ ਨੇ ਇਸ ਮਿੱਟੀ ਵਿਚ ਜਨਮ ਲਿਆ। ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਦੇਸ਼ ਪ੍ਰੇਮ, ਹਿੰਮਤ ਤੇ ਕੁਰਬਾਨੀ ਦਾ ਪਾਠ ਪੜ੍ਹਾਉਂਦੀਆਂ ਹਨ। ਅੱਜ ਦੀ ਨਵੀਂ ਪੀੜ੍ਹੀ ਲਈ ਇਹ ਬਹੁਤ ਜ਼ਰੂਰੀ ਹੈ ਕਿ ਉਹ ਸ਼ਹੀਦਾਂ ਦੇ ਆਦਰਸ਼ਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਦੱਸੇ ਰਸਤੇ ’ਤੇ ਚੱਲ ਕੇ ਦੇਸ਼ ਤੇ ਸਮਾਜ ਦੀ ਭਲਾਈ ਲਈ ਕੰਮ ਕਰੇ। ਸ਼ਹੀਦਾਂ ਦੀ ਸੋਚ ਸਿਰਫ਼ ਆਜ਼ਾਦੀ ਤਕ ਸੀਮਿਤ ਨਹੀਂ ਸੀ, ਸਗੋਂ ਉਹ ਇਕ ਅਜਿਹਾ ਸਮਾਜ ਬਣਾਉਣਾ ਚਾਹੁੰਦੇ ਸਨ, ਜਿੱਥੇ ਹਰ ਕਿਸੇ ਨੂੰ ਬਰਾਬਰੀ ਦਾ ਹੱਕ ਮਿਲੇ ਅਤੇ ਦੇਸ਼ ਤਰੱਕੀ ਦੇ ਰਸਤੇ ‘ਤੇ ਅੱਗੇ ਵਧੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੀ ਤਾਕਤ ਨੂੰ ਦੇਸ਼ ਦੀ ਤਰੱਕੀ ਲਈ ਵਰਤਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਆਪਣਾ ਲਕਸ਼ ਬਣਾਉਣ ਤਾਂ ਦੇਸ਼ ਹੋਰ ਵੀ ਤੇਜ਼ੀ ਨਾਲ ਅੱਗੇ ਵਧ ਸਕਦਾ ਹੈ।
ਇਸ ਮੌਕੇ ਹਾਜ਼ਰ ਹੋਏ ਹੋਰ ਬੁਲਾਰਿਆਂ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਤਿੰਨੇ ਮਹਾਨ ਯੋਧੇ ਹਮੇਸ਼ਾਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਸਰੋਤ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖਦੇ ਹੋਏ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਈਏ। ਸਮਾਗਮ ਦੇ ਅੰਤ ਵਿਚ ਹਾਜ਼ਰ ਲੋਕਾਂ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਇਸ ਮੌਕੇ ਨੀਲ ਗਰਗ ਤੇ ਪ੍ਰੀਤ ਮਹਿੰਦਰ ਸਿੰਘ ਵੀ ਹਾਜ਼ਰ ਸਨ।