ਡਾ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਨਿਆਂ ਲਈ ਕਾਂਗਰਸ ਵੱਲੋਂ ਕੈਂਡਲ ਮਾਰਚ
ਡਾ ਰੰਧਾਵਾ ਖੁਦਕੁਸ਼ੀ ਮਾਮਲੇ ਦੇ ਇਨਸਾਫ ਲਈ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ
Publish Date: Mon, 23 Mar 2026 07:54 PM (IST)
Updated Date: Tue, 24 Mar 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵੇਅਰਹਾਊਸ ਦੇ ਡੀਐਮ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਬਠਿੰਡਾ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਸ਼ਹਿਰੀ ਕਾਂਗਰਸ ਲੀਡਰਸ਼ਿਪ ਨੇ ਕੈਂਡਲ ਮਾਰਚ ਕੱਢ ਕੇ ਮ੍ਰਿਤਕ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ। ਇਹ ਕੈਂਡਲ ਮਾਰਚ ਫਾਇਰ ਬ੍ਰਿਗੇਡ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਿਆ। ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਸ਼ਾਮਲ ਹੋ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਾਜਨ ਗਰਗ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਤੇ ਦਬਾਅ ਕਾਰਨ ਡਾ. ਰੰਧਾਵਾ ਨੂੰ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਹੁਦੇ ਦਾ ਦੁਰਵਰਤੋਂ ਕਰਦੇ ਹੋਏ ਟੈਂਡਰਾਂ ਨੂੰ ਲੈ ਕੇ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਕਰੀਬੀ ਨੇਤਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਮਾਮਲੇ ਵਿਚ ਦੇਰੀ ਨਾਲ ਐਫਆਈਆਰ ਦਰਜ ਹੋਣਾ ਇਸ ਗੱਲ ਦਾ ਸਬੂਤ ਹੈ। ਕਾਂਗਰਸ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ ਕਾਂਗਰਸ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਵਿਸ਼ੇਸ਼ ਸਹੂਲਤ ਨਾ ਦਿੱਤੀ ਜਾਵੇ ਅਤੇ ਉਨ੍ਹਾਂ ਨਾਲ ਆਮ ਕੈਦੀਆਂ ਵਾਂਗ ਵਤੀਰਾ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਨੂੰ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਕਾਂਗਰਸ ਨੇ ਦਾਅਵਾ ਕੀਤਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਇਨਸਾਫ ਲਈ ਹਰ ਸੰਘਰਸ਼ ਵਿੱਚ ਸਾਥ ਦੇਵੇਗੀ। ਇਸ ਮੌਕੇ ਅਸ਼ੋਕ ਕੁਮਾਰ, ਅਰੁਣ ਵਧਾਵਣ, ਰੁਪਿੰਦਰ ਬਿੰਦਰਾ, ਹਰਵਿੰਦਰ ਲੱਡੂ, ਮਾਧਵ ਸ਼ਰਮਾ, ਟਿੰਕੂ ਗਰੋਵਰ, ਕਿਰਨਜੀਤ ਸਿੰਘ ਗਹਿਰੀ, ਅੰਮ੍ਰਿਤਾ ਗਿੱਲ, ਕਿਰਨ ਵਿਰਕ ਅਤੇ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ