118 ਗ੍ਰਾਮ ਹੈਰੋਇਨ ਸਣੇ 8 ਅੜਿੱਕੇ
118 ਗ੍ਰਾਮ ਹੈਰੋਇਨ ਸਮੇਤ 8 ਗ੍ਰਿਫਤਾਰ
Publish Date: Tue, 24 Mar 2026 04:32 PM (IST)
Updated Date: Wed, 25 Mar 2026 03:59 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਭਾਰੀ ਮਾਤਰਾ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਮੁਲਜ਼ਮਾਂ ਕੋਲੋਂ 118.1 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਾਕੂ ਰਾਮ ਵਾਸੀ ਗੋਪਾਲ ਨਗਰ ਬਠਿੰਡਾ ਅਤੇ ਪਰਮਜੀਤ ਕੌਰ ਵਾਸੀ ਸੁਰਖ ਪੀਰ ਰੋਡ ਬਠਿੰਡਾ ਵਜੋਂ ਹੋਈ ਹੈ। ਥਾਣਾ ਥਰਮਲ ਦੀ ਪੁਲਿਸ ਨੇ ਗੁਰੂ ਨਾਨਕ ਨਗਰ ’ਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.1 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸਾਹਿਲ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 106 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਬੀੜ ਤਲਾਬ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕਰ ਰਹੀ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਜੇਠੂਕ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਤੇ ਪ੍ਰਦੀਪ ਸਿੰਘ ਵਾਸੀ ਪਿੰਡ ਥੰਮਣਗੜ੍ਹ ਵਜੋਂ ਹੋਈ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਪਿੰਡ ਜੇਠੂਕੇ ਤੋਂ ਹਰਮੇਸ਼ ਸਿੰਘ ਵਾਸੀ ਚਾਉਕੇ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤੇ ਹਨ।