ਅੰਮ੍ਰਿਤਸਰ ਧਰਨੇ ’ਤੇ ਲਾਠੀਚਾਰਜ ਦੀ ਭਾਕਿਯੂ ਧਨੇਰ ਵੱਲੋਂ ਸਖ਼ਤ ਨਿਖੇਧੀ
ਅੰਮ੍ਰਿਤਸਰ ਧਰਨੇ ‘ਤੇ ਲਾਠੀਚਾਰਜ ਦੀ ਬੀਕੇਯੂ ਏਕਤਾ ਡਕੌਂਦਾ ਧਨੇਰ ਵੱਲੋਂ ਸਖ਼ਤ ਨਿਖੇਧੀ
Publish Date: Tue, 24 Mar 2026 05:12 PM (IST)
Updated Date: Wed, 25 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਭਾਕਿਯੂ ਏਕਤਾ ਡਕੌਂਦਾ ਧਨੇਰ ਵੱਲੋਂ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਾਂਤਮਈ ਧਰਨੇ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਸਕੱਤਰ ਗੁਰਨਾਮ ਸਿੰਘ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਸਮੇਤ ਆਗੂ ਅਮਰਜੀਤ ਹਨੀ ਨੇ ਸਾਂਝੀ ਕੀਤੀ। ਆਗੂਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਚ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਵੱਲੋਂ ਕਿਸਾਨਾਂ ‘ਤੇ ਜਬਰ ਕਰਦਿਆਂ ਧਰਨਾ ਜਬਰੀ ਤੌਰ ‘ਤੇ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਇਸ ਕਾਰਵਾਈ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਇਹ ਲੋਕਤੰਤਰਿਕ ਹੱਕਾਂ ’ਤੇ ਹਮਲਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ। ਭਾਕਿਯੂ ਆਗੂਆਂ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ‘ਚ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਜਦੋਂ ਵੀ ਮਿਹਨਤੀ ਵਰਗ ਆਪਣੇ ਹੱਕਾਂ ਲਈ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਪੁਲਿਸ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਸਰਕਾਰ ਕਿਸਾਨ ਲਹਿਰ ਨੂੰ ਦਬਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀ ਹੈ, ਜਦਕਿ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੋਸ਼ ਲਗਾਇਆ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਹਰ ਵਿਰੋਧੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਲੋਕਾਂ ਦੀ ਆਵਾਜ਼ ਨੂੰ ਜਬਰ ਨਾਲ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਬਣ ਰਹੇ “ਪੁਲਿਸ ਰਾਜ” ਦੇ ਖਿਲਾਫ ਇਕੱਠੇ ਹੋ ਕੇ ਸੰਘਰਸ਼ ਮਜ਼ਬੂਤ ਕਰਨ। ਅੰਤ ਵਿਚ ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਸਮੇਂ ਦੀ ਲੋੜ ਸਾਂਝੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਦੀ ਹੈ, ਤਾਂ ਜੋ ਲੋਕ ਹੱਕਾਂ ਦੀ ਰੱਖਿਆ ਕੀਤੀ ਜਾ ਸਕੇ।