ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ
Publish Date: Thu, 26 Mar 2026 04:46 PM (IST)
Updated Date: Thu, 26 Mar 2026 04:50 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸਿੱਖ ਕੌਮ ਦੇ ਚੌਥੇ ਪਵਿੱਤਰ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਇਤਿਹਾਸਕ ਦਿਹਾੜੇ ਸਬੰਧੀ ਤਿਆਰੀਆਂ ਅਤੇ ਗੁਰਮਤਿ ਪ੍ਰਚਾਰ ਦੀ ਰੂਪ-ਰੇਖਾ ਤੈਅ ਕਰਨ ਲਈ ਇਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ। ਇਸ ਅਹਿਮ ਇਕੱਤਰਤਾ ਦੀ ਸਰਪ੍ਰਸਤੀ ਸਿੰਘ ਸਾਹਿਬ ਬਾਬਾ ਟੇਕ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਮੂਹ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਮੌਕੇ ਘਰ-ਘਰ ਪ੍ਰਚਾਰ ਲਹਿਰ ਦਾ ਆਗਾਜ਼ ਕਰਨ। ਉਨ੍ਹਾਂ ਕਿਹਾ ਕਿ ਸਿੱਖ ਵਿਰਸੇ, ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਨੂੰ ਹਰ ਮਨੁੱਖ ਤਕ ਪਹੁੰਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਵਿਸਾਖੀ ਦੇ ਜੋੜ ਮੇਲੇ ਦੌਰਾਨ ਸੰਗਤ, ਖ਼ਾਸ ਕਰ ਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ‘ਦਸਤਾਰਾਂ ਦੇ ਲੰਗਰ’ ਲਾਏ ਜਾਣਗੇ, ਤਾਂ ਜੋ ਨੌਜਵਾਨਾਂ ਵਿੱਚ ਸਿੱਖੀ ਪ੍ਰਤੀ ਜਾਗਰੂਕਤਾ ਅਤੇ ਮਾਣ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਪ੍ਰਚਾਰਕ ਸਿੰਘਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਸਾਖੀ ਦਾ ਦਿਹਾੜਾ ਸਿੱਖੀ ਸ਼ਾਨ, ਬਲਿਦਾਨ ਅਤੇ ਖ਼ਾਲਸਾਈ ਰੂਹ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਸੇਵਾਦਾਰਾਂ ਅਤੇ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਜੋੜ-ਮੇਲੇ ਦੌਰਾਨ ਆਪਣੀ ਡਿਊਟੀ ਦ੍ਰਿੜਤਾ, ਮੁਸ਼ਤੈਦੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ, ਤਾਂ ਜੋ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀ ਲੱਖਾਂ ਦੀ ਗਿਣਤੀ ਵਿਚ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅਜੋਕੇ ਸਮੇਂ ਵਿਚ ਸਿੱਖ ਪੰਥ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਖ਼ਾਲਸਾ ਸਾਜਨਾ ਦਿਵਸ ਦੀ ਅਦੁੱਤੀ ਮਹਾਨਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਖ਼ਾਲਸਾ ਪੰਥ ਦਾ ਮੂਲ ਮਕਸਦ ਮਨੁੱਖਤਾ ਦੀ ਭਲਾਈ, ਧਰਮ ਦੀ ਰੱਖਿਆ ਅਤੇ ਜ਼ੁਲਮ ਦਾ ਟਾਕਰਾ ਕਰਨਾ ਹੈ। ਜਥੇਦਾਰ ਸਾਹਿਬ ਨੇ ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਗੁਰੂ ਸਾਹਿਬਾਨ ਦਾ ਪਵਿੱਤਰ ਸੰਦੇਸ਼ ਸੰਗਤ ਦੇ ਹਿਰਦਿਆਂ ਤਕ ਪਹੁੰਚਾਉਣ ਅਤੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਦੀ ਮਹਾਨਤਾ ਨੂੰ ਵੱਧ ਤੋਂ ਵੱਧ ਲੋਕਾਂ ਤਕ ਲੈ ਕੇ ਜਾਣ। ਇਸ ਮੌਕੇ ਗਿਆਨੀ ਗੁਰਜੰਟ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਨਰਿੰਦਰਜੀਤ ਸਿੰਘ ਮੈਨੇਜਰ, ਗੁਰਦੇਵ ਸਿੰਘ ਵਧੀਕ ਮੈਨੇਜਰ, ਮਨਦੀਪ ਸਿੰਘ ਅਤੇ ਗੁਰਸੇਵਕ ਸਿੰਘ ਮੀਤ ਮੈਨੇਜਰ, ਗਿਆਨੀ ਸਰਬਜੀਤ ਸਿੰਘ ਢੋਟੀਆਂ ਇੰਚਾਰਜ ਮਾਲਵਾ ਜ਼ੋਨ, ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ ਅਤੇ ਅਮਰੀਕ ਸਿੰਘ ਡਸਕਾ ਸਹਾਇਕ ਇੰਚਾਰਜ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਸੇਵਾਦਾਰ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।