ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ’ਚ ਵੋਟ ਪਾਉਣਾ ਮੇਰਾ ਅਧਿਕਾਰ : ਬਲਕਾਰ ਸਿੱਧੂ
ਚੇਅਰਮੈਨ ਤੇ ਉੱਪ ਚੇਅਰਮੈਨ ਦੀ ਚੋਣ ਵਿਚ ਵੋਟ ਪਾਉਣਾ ਮੇਰਾ ਅਧਿਕਾਰ: ਬਲਕਾਰ ਸਿੱਧੂ
Publish Date: Thu, 26 Mar 2026 04:52 PM (IST)
Updated Date: Thu, 26 Mar 2026 04:56 PM (IST)

- ਕਿਹਾ ਵਿਰੋਧੀ ਕਰ ਰਹੇ ਨੇ ਲੋਕਾਂ ਨੂੰ ਗੁੰਮਰਾਹ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਪੰਚਾਇਤ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦਰਮਿਆਨ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਉਹ 1 ਅਪ੍ਰੈਲ ਨੂੰ ਹਰ ਹਾਲਤ ਵਿੱਚ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਲਈ ਆਪਣੀ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਇਹ ਮੇਰੀ ਵੋਟ ਨਹੀਂ, ਸਗੋਂ ਰਾਮਪੁਰਾ ਫੂਲ ਹਲਕੇ ਦੇ ਲੋਕਾਂ ਦੀ ਵੋਟ ਹੈ। ਇਹ ਹੱਕ ਉਨ੍ਹਾਂ ਨੂੰ ਇਲਾਕੇ ਦੇ ਵੋਟਰਾਂ ਨੇ ਦਿੱਤਾ ਹੈ। ਵਿਧਾਇਕ ਸਿੱਧੂ ਨੇ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੁਣ ਅਕਾਲੀ ਦਲ ਦਾ ਝੂਠ ਨਹੀਂ ਚੱਲੇਗਾ ਅਤੇ ਲੋਕ ਸੱਚਾਈ ਨੂੰ ਸਮਝ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪੱਖ ਵੱਲੋਂ ਗਲਤ ਪ੍ਰਚਾਰ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਚੁਣੇ ਹੋਏ ਪ੍ਰਤੀਨਿਧੀ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਦੀ ਪੂਰੀ ਆਜ਼ਾਦੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਕਬੂਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਧੱਕੇਸ਼ਾਹੀ ਦਾ ਦੋਸ਼ ਲਾ ਰਹੇ ਹਨ, ਜਦੋਂਕਿ ਰਾਮਪੁਰਾ ਫੂਲ ਹਲਕੇ ਵਿਚ ਹਰ ਚੋਣ ਪਾਰਦਰਸ਼ੀ ਢੰਗ ਨਾਲ ਹੋਈ ਹੈ। ਸਿੱਧੂ ਨੇ ਕਿਹਾ ਕਿ ਸਾਲ 2027 ਦੀ ਮੁੜ ਆਪ ਸਰਕਾਰ ਬਣਨ ਅਤੇ ਆਪਣੀ ਪ੍ਰਤੱਖ ਹਾਰ ਨੂੰ ਦੇਖਦੇ ਹੋਏ ਵਿਰੋਧੀ ਬੁਖਲਾਹਟ ਵਿਚ ਹਨ, ਜਿਸ ਕਾਰਨ ਝੂਠੇ ਦੋਸ਼ ਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਵਿਧਾਇਕ ਨੂੰ ਇਨ੍ਹਾਂ ਚੋਣਾਂ ਵਿਚ ਵੋਟ ਪਾਉਣ ਦਾ ਅਧਿਕਾਰ ਹੈ।