ਧਾਰਮਿਕ ਅਸਥਾਨਾਂ ਲਈ ਬੱਸ ਰਵਾਨਾ
ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
Publish Date: Thu, 26 Mar 2026 05:29 PM (IST)
Updated Date: Thu, 26 Mar 2026 05:32 PM (IST)

- ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਨੇ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ : ਵਿਧਾਇਕ ਗਿੱਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਸਥਾਨਕ ਘੋੜੇ ਵਾਲੇ ਚੌਂਕ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਢੁੱਕਵਾਂ ਪ੍ਰਬੰਧ ਕੀਤਾ ਹੋਇਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਵਿਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸੇ ਤਰ੍ਹਾਂ ਹੀ ਹਲਕਾ ਭੁੱਚੋ ਦੇ ਪਿੰਡ ਕਿੱਲੀ ਨਿਹਾਲ ਸਿੰਘ, ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾਗੁਰੂ, ਹਲਕਾ ਮੌੜ ਦੇ ਪਿੰਡ ਭੂੰਦੜ ਅਤੇ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੀਤੀਆਂ ਗਈਆਂ।