ਕਾਹਲਵਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ
ਬਲਵਿੰਦਰ ਸਿੰਘ ਕਾਹਲਵਾਂ ਅਹੁਦਾ ਸੰਭਾਲਣ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Publish Date: Fri, 27 Mar 2026 05:04 PM (IST)
Updated Date: Sat, 28 Mar 2026 04:03 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਹੁਦਾ ਸੰਭਾਲਣ ਉਪਰੰਤ ਅੱਜ ਗੁਰੂ ਕੀ ਕਾਂਸ਼ੀ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਪੰਥਕ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਜਤਾਇਆ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਵੱਲੋਂ ਕਾਹਲਵਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਿੰਘ ਸਾਹਿਬ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਲਵਿੰਦਰ ਸਿੰਘ ਕਾਹਲਵਾਂ ਇਕ ਸੁਲਝੇ ਹੋਏ ਅਤੇ ਪੰਥਕ ਮਰਯਾਦਾ ਦੇ ਧਾਰਨੀ ਪ੍ਰਬੰਧਕ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਪ੍ਰਬੰਧਕੀ ਢਾਂਚੇ ਵਿਚ ਮਜ਼ਬੂਤੀ ਆਏਗੀ ਅਤੇ ਧਰਮ ਪ੍ਰਚਾਰ ਦੀਆਂ ਗਤੀਵਿਧੀਆਂ ਨੂੰ ਨਵੀ ਦਿਸ਼ਾ ਮਿਲੇਗੀ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਉਨ੍ਹਾਂ ਤੋਂ ਕੌਮ ਦੀ ਚੜ੍ਹਦੀ ਕਲਾ ਲਈ ਵੱਡੀਆਂ ਸੇਵਾਵਾਂ ਲੈਣ। ਕਾਹਲਵਾਂ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਸੁਭਾਗ ਹੈ ਕਿ ਉਨ੍ਹਾਂ ਨੂੰ ਗੁਰੂ ਘਰ ਦੀ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਇਕ ਵੱਡੀ ਜ਼ਿੰਮੇਵਾਰੀ ਹੈ ਤੇ ਉਹ ਸ਼੍ਰੋਮਣੀ ਕਮੇਟੀ ਦੀਆਂ ਪ੍ਰਬੰਧਕੀ ਸੇਵਾਵਾਂ ਨੂੰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਧਰਮ ਪ੍ਰਚਾਰ ਦੀ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ, ਮਨਦੀਪ ਸਿੰਘ, ਗੁਰਸੇਵਕ ਸਿੰਘ ਮੀਤ ਮੈਨੇਜਰ, ਗਿਆਨੀ ਗੁਰਜੰਟ ਸਿੰਘ ਮੁੱਖ ਗ੍ਰੰਥੀ, ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ, ਗਿਆਨੀ ਸਰਬਜੀਤ ਸਿੰਘ ਢੋਟੀਆਂ ਇੰਚਾਰਜ ਮਾਲਵਾ ਜੋਨ ਅਤੇ ਹੋਰ ਅਧਿਕਾਰੀ, ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਅਤੇ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਮੌਜੂਦ ਸਨ।