ਪਰਾਲੀ ਪ੍ਰਬੰਧਨ ਬਾਰੇ ਕਿਸਾਨ ਕੀਤੇ ਜਾਗਰੂਕ
ਪਿੰਡ ਮਹਿਰਾਜ ਵਿਚ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Fri, 27 Mar 2026 05:23 PM (IST)
Updated Date: Sat, 28 Mar 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਲਾਕ ਰਾਮਪੁਰਾ ਫੂਲ ਦੇ ਪਿੰਡ ਮਹਿਰਾਜ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ, ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕੇਵੀਕੇ, ਬਠਿੰਡਾ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ’ਵਰਸਿਟੀ ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਵਿਕਸਤ ਕੀਤੀਆਂ ਹਨ, ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਆਸਾਨੀ ਨਾਲ ਕਰਨ ਵਿਚ ਮਦਦ ਕਰ ਸਕਦੀਆਂ ਹਨ। ਡਾ. ਨੀਨਾ ਸਿੰਗਲਾ ਨੇ ਪਰਾਲੀ ਪ੍ਰਭਾਵਿਤ ਖੇਤਾਂ ਵਿਚ ਚੂਹਿਆਂ ਦੀ ਵੱਧ ਰਹੀ ਸਮੱਸਿਆ 'ਤੇ ਚਾਨਣਾ ਪਾਇਆ। ਵਿਗਿਆਨਕ ਤਰੀਕਿਆਂ ਨੂੰ ਅਪਣਾ ਕੇ ਇਸ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੇਂ-ਸਮੇਂ 'ਤੇ ਨਿਗਰਾਨੀ ਅਤੇ ਢੁੱਕਵੇਂ ਉਪਾਅ ਕਰਨ ਦੀ ਸਲਾਹ ਵੀ ਦਿੱਤੀ। ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਫ਼ਸਲ ਉਤਪਾਦਨ ਤੇ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਖੇਤਾਂ ਵਿਚ ਨਦੀਨਾਂ ਨੂੰ ਘਟਾਉਂਦਾ ਹੈ ਅਤੇ ਆਰਥਿਕ ਲਾਭ ਵਧਾਉਂਦਾ ਹੈ। ਡਾ. ਤੇਜਬੀਰ ਸਿੰਘ ਬੁੱਟਰ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਦੱਸਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਧਿਕਾਰੀ ਬਲਜੀਤ ਕੌਰ ਨੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਪ੍ਰੋਗਰਾਮ ਵਿਚ 100 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ, ਅਤੇ ਅੰਤ ਵਿਚ ਉਨ੍ਹਾਂ ਨੂੰ ਸਬਜ਼ੀਆਂ ਦੇ ਬੀਜ ਅਤੇ ਪੌਦੇ ਵੰਡੇ ਗਏ।