ਸਰਕਾਰ ਲੋਕਤੰਤਰ ਦੀ ਆਵਾਜ਼ ਦਬਾਉਣ ’ਤੇ ਤੁਲੀ : ਸ਼ੁਭਮ ਸੈਣੀ
ਆਪ ਸਰਕਾਰ ਲੋਕਤੰਤਰ ਦੀ ਆਵਾਜ਼ ਦਬਾਉਣ ’ਤੇ ਤੁਲੀ, ਬਲਾਕ ਸੰਮਤੀ ਚੋਣਾਂ ’ਚ ਖੁੱਲ੍ਹੀ ਧੱਕੇਸ਼ਾਹੀ : ਸ਼ੁਭਮ ਸੈਣੀ
Publish Date: Fri, 27 Mar 2026 05:33 PM (IST)
Updated Date: Sat, 28 Mar 2026 04:06 AM (IST)

-ਕਿਹਾ, ਬਲਾਕ ਸੰਮਤੀ ਚੋਣਾਂ ’ਚ ਖੁੱਲ੍ਹੀ ਧੱਕੇਸ਼ਾਹੀ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਦੀ ਭੂਮਿਕਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇਨ੍ਹਾਂ ਚੋਣਾਂ ਦੌਰਾਨ ਲੋਕਤੰਤਰਿਕ ਮਰਿਆਦਾਵਾਂ ਨੂੰ ਨਜ਼ਰਅੰਦਾਜ਼ ਕਰਦਿਾਂ ਵਿਰੋਧੀ ਧਿਰ ਦੇ ਉਮੀਦਵਾਰਾਂ ਤੇ ਹਮਾਇਤੀਆਂ ਨਾਲ ਧੱਕੇਸ਼ਾਹੀ ਕੀਤੇ ਜਾਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼ੁਭਮ ਸੈਣੀ ਹਲਕਾ ਕੋਆਰਡੀਨੇਟਰ ਸੋਸ਼ਲ ਮੀਡੀਆ ਸੈੱਲ ਨੇ ਕਿਹਾ ਕਿ ਤਲਵੰਡੀ ਸਾਬੋ ਵਿਚ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਲੋਕਾਂ ਦੇ ਜਨਤਕ ਅਧਿਕਾਰਾਂ ਦੀ ਖੁੱਲ੍ਹੀ ਉਲੰਘਣਾ ਕੀਤੀ ਗਈ। ਸੱਤਾ ਦੇ ਨਸ਼ੇ ਵਿਚ ਚੂਰ ‘ਆਪ’ ਦੇ ਆਗੂਆਂ ਨੇ ਪ੍ਰਸ਼ਾਸਨਿਕ ਤੰਤਰ ਦੀ ਦੁਰਵਰਤੋਂ ਕਰਦਿਆਂ ਲੋਕਤੰਤਰ ਦੀ ਰੂਹ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਥਾਵਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਆਮ ਲੋਕਾਂ ਨੂੰ ਵੀ ਆਪਣੇ ਵੋਟ ਦੇ ਅਧਿਕਾਰ ਦੀ ਆਜ਼ਾਦੀ ਨਾਲ ਵਰਤੋਂ ਕਰਨ ਤੋਂ ਰੋਕਣ ਵਾਲਾ ਮਾਹੌਲ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰ ਨੂੰ ਆਪਣੇ ਕੰਮਕਾਜ ਅਤੇ ਲੋਕਪ੍ਰਿਯਤਾ ’ਤੇ ਭਰੋਸਾ ਹੋਵੇ ਤਾਂ ਉਸਨੂੰ ਇਸ ਤਰ੍ਹਾਂ ਦੇ ਹਥਕੰਡਿਆਂ ਦੀ ਲੋੜ ਨਹੀਂ ਪੈਂਦੀ। ਜਿਹੜੀ ਪਾਰਟੀ 2022 ਦੀਆਂ ਚੋਣਾਂ ਦੌਰਾਨ ਬਦਲਾਅ, ਪਾਰਦਰਸ਼ਿਤਾ ਤੇ ਸਾਫ਼ ਸਿਆਸਤ ਦੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਅੱਜ ਉਹੀ ਪਾਰਟੀ ਲੋਕਾਂ ਦੇ ਭਰੋਸੇ ਨਾਲ ਖਿਲਵਾੜ ਕਰਦੀ ਨਜ਼ਰ ਆ ਰਹੀ ਹੈ। ਲੋਕਾਂ ਨੂੰ ਇਨਸਾਫ਼ ਅਤੇ ਵਿਕਾਸ ਦੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ ਨੂੰ ਹੀ ਕਮਜ਼ੋਰ ਕਰਨ ਵਿਚ ਲੱਗੀ ਹੋਈ ਹੈ। ਸ਼ੁਭਮ ਸੈਣੀ ਨੇ ਕਿਹਾ ਕਿ ਪੰਜਾਬ ਦੀ ਸਿਆਸੀ ਜਾਗਰੂਕ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਇਸ ਧੱਕੇਸ਼ਾਹੀ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਰੱਖਿਆ ਅਤੇ ਲੋਕਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨੀ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।