ਸੂਬਾ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ : ਢਿੱਲੋਂ
ਆਪ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਢਿੱਲੋਂ
Publish Date: Sat, 28 Mar 2026 05:33 PM (IST)
Updated Date: Sun, 29 Mar 2026 04:06 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਭਜਨ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਸਿਰਫ਼ ਵਾਅਦੇ ਨਹੀਂ ਕੀਤੇ, ਸਗੋਂ “ਹਰ ਵਾਅਦਾ ਪੂਰਾ, ਹਰ ਗਾਰੰਟੀ ਲਾਗੂ” ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਹਰ ਇਕ ਵਚਨ ‘ਤੇ ਖਰੀ ਉਤਰੀ ਹੈ ਅਤੇ ਆਮ ਜਨਤਾ ਨੂੰ ਸਿੱਧਾ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ ਗਈ ਹੈ ਅਤੇ ਵਿਦਿਆਰਥੀਆਂ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਸਿਹਤ ਖੇਤਰ ਵਿੱਚ ਵੀ ਵੱਡੇ ਸੁਧਾਰ ਕਰਦੇ ਹੋਏ ਆਮ ਲੋਕਾਂ ਲਈ ਮੁਫ਼ਤ ਅਤੇ ਗੁਣਵੱਤਾ ਭਰੀਆਂ ਸੇਵਾਵਾਂ ਯਕੀਨੀ ਬਣਾਈਆਂ ਗਈਆਂ ਹਨ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਸਰਕਾਰ ਦੀ ਵੱਡੀ ਉਪਲੱਬਧੀ ਹੈ। ਗੁਰਭਜਨ ਸਿੰਘ ਢਿੱਲੋਂ ਨੇ ਖਾਸ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਵਿੱਚੋਂ ਸਭ ਤੋਂ ਵੱਡੀ ਗਰੰਟੀ ਮਹਿਲਾਵਾਂ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ ਕਿ ਜਰਨਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਦੇ ਕੇ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਇਸ ਨਾਲ ਘਰੇਲੂ ਆਰਥਿਕਤਾ ਮਜ਼ਬੂਤ ਹੋਈ ਹੈ ਅਤੇ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਲਈ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਗਈ ਹੈ ਅਤੇ ਲੋਕਾਂ ਦਾ ਭਰੋਸਾ ਸਰਕਾਰ ‘ਤੇ ਲਗਾਤਾਰ ਵਧ ਰਿਹਾ ਹੈ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਸਿਰਫ਼ ਖਾਲੀ ਵਾਅਦੇ ਕਰਦੇ ਰਹੇ, ਉਹ ਹੁਣ ਸਰਕਾਰ ਦੇ ਕੰਮਾਂ ਤੋਂ ਘਬਰਾਏ ਹੋਏ ਹਨ। ਅਖੀਰ ਵਿਚ ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ, ਭਵਿੱਖ ’ਚ ਹੋਰ ਵੱਡੇ ਫ਼ੈਸਲੇ ਲਏ ਜਾਣਗੇ ਤੇ ਪੰਜਾਬ ਨੂੰ ਵਿਕਾਸ ਦੇ ਨਵੇਂ ਮਕਾਮ ’ਤੇ ਲਿਆਂਦਾ ਜਾਵੇਗਾ।