ਚੇਅਰਮੈਨ ਭੱਲਾ ਵੱਲੋਂ ਮਲੂਕਾ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ
ਚੇਅਰਮੈਨ ਭੱਲਾ ਨੇ ਮਲੂਕਾ ‘ਚ ਆਮ ਆਦਮੀ
Publish Date: Sun, 29 Mar 2026 05:18 PM (IST)
Updated Date: Mon, 30 Mar 2026 04:04 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈ ਕਾ : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਵੱਲੋਂ ਸਿਹਤ ਸਹੂਲਤਾਂ ਲਈ ਪਿੰਡ ਮਲੂਕਾ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਹੁਣ ਤਕ ਕਰੀਬ 990 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ, ਟੈਸਟਾਂ ਤੇ ਡਾਕਟਰੀ ਸਲਾਹ ਦੀ ਸੁਵਿਧਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਆਮ ਲੋਕਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ ਤੇ ਇਹ ਪਹਿਲਾਂ ਕਦੇ ਨਹੀਂ ਹੋਇਆ। ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਵੀ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਦੇ ਚੱਕਰ ਕੱਟਣੇ ਪੈਂਦੇ ਸਨ, ਜਿਸ ਨਾਲ ਸਮਾਂ ਤੇ ਪੈਸਾ ਦੋਵਾਂ ਦੀ ਬਰਬਾਦੀ ਹੁੰਦੀ ਸੀ। ਪਰ ਹੁਣ ਇਹ ਕਲੀਨਿਕ ਪਿੰਡ ਪੱਧਰ ਤੇ ਹੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਇਕ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਤਹਿਤ ਕਲੀਨਿਕਾਂ ਵਿਚ ਯੋਗ ਡਾਕਟਰਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਮਰੀਜ਼ਾਂ ਦਾ ਸਹੀ ਇਲਾਜ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਸੀਮਾ ਗੁਪਤਾ, ਡਾਕਟਰ ਅਰਵਿੰਦ ਸਿੰਘ, ਐੱਲਐੱਚ ਹਰਪਾਲ ਕੌਰ, ਏਐਨਐਮ ਬੇਅੰਤ ਕੌਰ, ਵੀਰਪਾਲ ਕੌਰ, ਬਲਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜੱਗਾ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਕਲੀਨਿਕ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਇਹ ਕਦਮ ਪਿੰਡਾਂ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ। ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਆਪਣੀਆਂ ਸਿਹਤ ਸਬੰਧੀ ਸਮੱਸਿਆਵਾਂ ਲਈ ਦੂਰ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਨੂੰ ਆਪਣੇ ਪਿੰਡ ’ਚ ਹੀ ਸਹੂਲਤ ਮਿਲੇਗੀ। ਸਮਾਗਮ ਦੌਰਾਨ ਮਾਹੌਲ ਖੁਸ਼ਗਵਾਰ ਰਿਹਾ ਅਤੇ ਲੋਕਾਂ ਵਿੱਚ ਸਰਕਾਰ ਦੇ ਇਸ ਕਦਮ ਪ੍ਰਤੀ ਖੁਸ਼ੀ ਦੇਖਣ ਨੂੰ ਮਿਲੀ। ਅੰਤ ਵਿਚ ਚੇਅਰਮੈਨ ਜਤਿੰਦਰ ਭੱਲਾ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।