ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਾਂਗਾ : ਸਾਹੂ
ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ੍ਰੋਮਣੀ ਅਕਾਲੀ ਦਲ ਨਾਲ ਜੋੜਨ ਦਾ ਕੰਮ ਕਰਾਗਾਂ: ਸਾਹੂ
Publish Date: Mon, 30 Mar 2026 05:46 PM (IST)
Updated Date: Tue, 31 Mar 2026 04:07 AM (IST)
-ਐੱਸਓਆਈ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਸਾਹੂ ਨੇ ਸੰਭਾਲੀ ਕਮਾਨ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਟੂਡੈਂਟਸ ਆਰਗਨਾਈਜ਼ੇਸ਼ਨ ਆਫ ਇੰਡੀਆ (ਐੱਸਓਆਈ) ਦੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਦੀਪ ਸਿੰਘ ਸਾਹੂ ਨੇ ਕਮਾਨ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਸਰਗਰਮ ਢੰਗ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਾਕਤ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਸਹੀ ਦਿਸ਼ਾ ਵਿੱਚ ਲੈ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਸੰਪਰਕ ਬਣਾਉਣਗੇ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਐਸਓਆਈ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਵੱਡਾ ਵਿਕਾਸ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਹੀ ਹੋਇਆ ਹੈ। ਉਸ ਸਮੇਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਢਾਂਚਾਗਤ ਵਿਕਾਸ ‘ਤੇ ਖਾਸ ਧਿਆਨ ਦਿੱਤਾ ਗਿਆ ਸੀ। ਸਾਹੂ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ ਕਈ ਯੂਨੀਵਰਸਿਟੀਆਂ ਅਤੇ ਕਾਲਜ ਸਥਾਪਤ ਕੀਤੇ, ਜਿੱਥੇ ਹਜ਼ਾਰਾਂ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਆਪਣੇ ਭਵਿੱਖ ਨੂੰ ਸਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਨੂੰ ਸਹੀ ਮਾਰਗਦਰਸ਼ਨ ਦੀ ਲੋੜ ਹੈ ਤੇ ਐੱਸਓਆਈ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਹ ਚਾਹੁੰਦੇ ਹਨ ਕਿ ਵੱਧ ਤੋਂ ਵੱਧ ਨੌਜਵਾਨ ਰਾਜਨੀਤੀ ਨਾਲ ਜੁੜਨ ਅਤੇ ਆਪਣੇ ਹੱਕਾਂ ਲਈ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਮੁੱਦਿਆਂ ਜਿਵੇਂ ਕਿ ਫੀਸਾਂ ਵਿੱਚ ਵਾਧਾ, ਰੋਜ਼ਗਾਰ ਦੀ ਕਮੀ ਅਤੇ ਸਿੱਖਿਆ ਦੀ ਗੁਣਵੱਤਾ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਐੱਸਓਆਈ ਇਨ੍ਹਾਂ ਮੁੱਦਿਆਂ ਨੂੰ ਉਠਾ ਕੇ ਵਿਦਿਆਰਥੀਆਂ ਨੂੰ ਨਿਆਂ ਦਿਵਾਉਣ ਲਈ ਕਦਮ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਵਿੱਚ ਐਸਓਆਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਦਾ ਲਕਸ਼ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਇਕ ਮਜ਼ਬੂਤ ਅਤੇ ਜਾਗਰੂਕ ਸਮਾਜ ਦੀ ਨਿਰਮਾਣ ਕੀਤਾ ਜਾਵੇ।