ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਣੂ
Publish Date: Mon, 30 Mar 2026 06:13 PM (IST)
Updated Date: Tue, 31 Mar 2026 04:07 AM (IST)

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਨਗਰ ਕੌਂਸਲ ਕੋਟਫੱਤਾ ਦੇ ਵਾਰਡ ਨੰਬਰ 9 ਅਤੇ 11 ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸਮੁੱਚੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ਤੋਂ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਨਹਿਰਾਂ, ਰਜਵਾਹਿਆਂ ਤੇ ਖਾਲਾਂ ਦੀ ਮੁਰੰਮਤ ਕਰਕੇ ਨਹਿਰੀ ਪਾਣੀ ਦੀ ਖਪਤ ਵਿਚ ਵਾਧਾ ਕੀਤਾ ਗਿਆ ਹੈ। ਸਿਹਤ ਖੇਤਰ ਵਿਚ ਸੁਧਾਰ ਲਈ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਵਿਚ ਆਧੁਨਿਕ ਕਲਾਸਰੂਮ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ, ਬਿਨਾਂ ਰਿਸ਼ਵਤ ਅਤੇ ਸਿਫਾਰਸ਼ ਦੇ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੇਣ ਅਤੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ‘ਤੇ ਨਕੇਲ ਪਾਉਣ ਵਰਗੇ ਕਦਮਾਂ ਦਾ ਵੀ ਜ਼ਿਕਰ ਕੀਤਾ ਗਿਆ। ਮੀਟਿੰਗ ਦੌਰਾਨ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਅਤੇ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਢਿਲੋਂ, ਆਪ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਸਿਮਰਜੀਤ ਕੌਰ, ਯੂਥ ਵਿੰਗ ਦੇ ਬਲਾਕ ਪ੍ਰਧਾਨ ਬਰਿੰਦਰ ਕੁਮਾਰ ਬੱਬੂ ਅਤੇ ਐਸਸੀ ਵਿੰਗ ਦੇ ਆਗੂ ਬਲਕਰਨ ਸਿੰਘ ਗਹਿਰੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।