ਗੁਰੂਘਰ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ
ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸੰਪੰਨ
Publish Date: Mon, 30 Mar 2026 06:15 PM (IST)
Updated Date: Tue, 31 Mar 2026 04:07 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗਮ ਪੂਰਨ ਸ਼ਰਧਾ ਅਤੇ ਗੁਰਮਰਿਯਾਦਾ ਅਨੁਸਾਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਗਿਆਨੀ ਗੁਰਜੰਟ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਗੁਰਮਤਿ ਫਲਸਫੇ ਦੀ ਵਿਆਖਿਆ ਕਰਦਿਆਂ ਸੰਗਤ ਨੂੰ ਗੁਰੂ ਲੜ ਲੱਗਣ ਦਾ ਉਪਦੇਸ਼ ਦਿੱਤਾ। ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 200 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਸਿੰਘ ਸਾਹਿਬ ਬਾਬਾ ਟੇਕ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਅੰਮ੍ਰਿਤ ਅਭਿਲਾਖੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਿੱਖੀ ਰਹਿਤ-ਮਰਿਯਾਦਾ ਵਿਚ ਪਰਪੱਕ ਰਹਿਣ ਦੀ ਪ੍ਰੇਰਨਾ ਕੀਤੀ। ਆਪਣੇ ਸੰਬੋਧਨ ਵਿੱਚ ਸਿੰਘ ਸਾਹਿਬ ਨੇ ਸਮੂਹ ਨਾਨਕ ਨਾਮਲੇਵਾ ਸੰਗਤ ਨੂੰ ਆਉਣ ਵਾਲੇ ਵਿਸਾਖੀ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ। ਇਸ ਮੌਕੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮਨਦੀਪ ਸਿੰਘ ਮਾਖਾ, ਗੁਰਸੇਵਕ ਸਿੰਘ, ਗੁਰਦੇਵ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਬ ਆਫਿਸ ਇੰਚਾਰਜ ਭੋਲਾ ਸਿੰਘ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।