ਚਾਰ ਲੇਬਰ ਕੋਡਾਂ ਦੇ ਵਿਰੋਧ ’ਚ ਸੂਬੇ ਭਰ ’ਚ ਕਾਲਾ ਦਿਵਸ ਅੱਜ ਤੋਂ
ਚਾਰ ਲੇਬਰ ਕੋਡਾਂ ਦੇ ਵਿਰੋਧ ‘ਚ 1 ਤੋਂ 3 ਅਪ੍ਰੈਲ ਤਕ ਪੰਜਾਬ ਭਰ ‘ਕਾਲੇ ਦਿਵਸ’ ਮਨਾਏ ਜਾਣਗੇ
Publish Date: Tue, 31 Mar 2026 04:31 PM (IST)
Updated Date: Wed, 01 Apr 2026 04:01 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਲੇਬਰ ਕੋਡ ਖਿਲਾਫ਼ ਕਾਲੇ ਦਿਵਸ ਮਨਾਉਣ ਦਾ ਐਲਾਲ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਐਲਾਨ ਕੀਤਾ ਕਿ ਚਾਰ ਲੇਬਰ ਕੋਡਾਂ ਦੇ ਵਿਰੋਧ ’ਚ 1 ਅਪ੍ਰੈਲ ਤੋਂ 3 ਅਪ੍ਰੈਲ ਤਕ ਪੰਜਾਬ ਭਰ ਵਿੱਚ “ਕਾਲੇ ਦਿਵਸ” ਮਨਾਏ ਜਾਣਗੇ। ਇਸ ਦੌਰਾਨ ਮੁਲਾਜ਼ਮ ਕਾਲੇ ਝੰਡੇ ਲੈ ਕੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਗੇ। ਆਗੂਆਂ ਨੇ ਕਿਹਾ ਕਿ ਹੱਕੀ ਮੰਗਾਂ ਸਬੰਧੀ ਸੰਘਰਸ਼ ਕਰਨ ਵਾਲੇ ਮੁਲਾਜ਼ਮਾਂ ‘ਤੇ ਦਬਾਅ ਬਣਾਉਣ ਲਈ ਝੂਠੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਪ੍ਰਥਾ ਖਤਮ ਕਰਨ ਦੀ ਬਜਾਏ ਨਿੱਜੀਕਰਨ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ਨਾ ਤਾਂ ਕਿਸੇ ਮੁਲਾਜ਼ਮ ਨੂੰ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਵਿਭਾਗ ਵਿਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਦੇ ਉਲਟ ਕਈ ਬੱਸਾਂ ਬੇਕਾਰ ਹੋ ਚੁੱਕੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਕਤਰਾਅ ਰਹੀ ਹੈ ਅਤੇ ਡਰਾਈਵਰਾਂ ਸਮੇਤ ਸਟਾਫ ਨੂੰ ਬੁਨਿਆਦੀ ਸਹੂਲਤਾਂ ਵੀ ਪ੍ਰਾਪਤ ਨਹੀਂ ਹੋ ਰਹੀਆਂ। ਆਗੂਆਂ ਨੇ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਹਰ ਡਿਪੂ ਪੱਧਰ ‘ਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਬਰਾਬਰ ਕੰਮ ਲਈ ਬਰਾਬਰ ਤਨਖਾਹ, ਨੌਕਰੀਆਂ ਦੀ ਰੈਗੂਲਰਾਈਜ਼ੇਸ਼ਨ, ਨਵੀਆਂ ਬੱਸਾਂ ਦੀ ਭਰਤੀ ਤੇ ਟਾਈਮ-ਟੇਬਲ ਵਿਚ ਸੁਧਾਰ ਵਰਗੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।