ਕੇਬਲਾਂ ਚੋਰੀ ਕਰਨ ਵਾਲਾ ਕਾਬੂ, ਮਕਾਨ ’ਚੋਂ ਬਾਈਕ ਚੋਰੀ
ਮੋਟਰਾਂ ਦੀਆਂ ਕੇਬਲਾਂ ਚੋਰੀ ਕਰਨ ਵਾਲਾ ਕਾਬੂ, ਨਵੇਂ ਬਣ ਰਹੇ ਮਕਾਨ ’ਚੋਂ ਮੋਟਰਸਾਈਕਲ ਚੋਰੀ
Publish Date: Tue, 31 Mar 2026 04:32 PM (IST)
Updated Date: Wed, 01 Apr 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਖੇਤਾਂ ਵਿੱਚ ਲੱਗੀਆਂ ਬਿਜਲੀ ਦੀਆਂ ਮੋਟਰਾਂ ਦੀਆਂ ਕੇਬਲਾਂ ਚੋਰੀ ਕਰਨ ਵਾਲੇ ਮੁਲਜਮ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਸ਼ਹਿਰ ਵਿੱਚ ਬਣ ਰਹੇ ਨਵੇਂ ਮਕਾਨ ਵਿੱਚੋਂ ਕੋਈ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਜਸਪਾਲ ਸਿੰਘ ਵਾਸੀ ਪਿੰਡ ਸੰਗਤ ਖੁਰਦ ਨੇ ਦੱਸਿਆ ਕਿ ਉਹ ਨੈਸ਼ਨਲ ਕਲੋਨੀ ਵਿੱਚ ਆਪਣਾ ਨਵਾਂ ਮਕਾਨ ਬਣਾ ਰਿਹਾ ਹੈ। ਪੀੜਤ ਨੇ ਦੱਸਿਆ ਕਿ ਅਣਪਛਾਤਾ ਵਿਅਕਤੀ ਉਸ ਦੇ ਨਵੇਂ ਬਣ ਰਹੇ ਮਕਾਨ ਵਿੱਚ ਦਾਖਲ ਹੋਇਆ ਅਤੇ ਉਥੋਂ ਮੋਟਰਸਾਈਕਲ ਨੰਬਰ ਪੀਬੀ 03 ਈਐਫ 5508 ਚੋਰੀ ਕਰਕੇ ਲੈ ਗਿਆ। ਥਾਣਾ ਥਰਮਲ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੰਮ੍ਰਿਤ ਲਾਲ ਵਾਸੀ ਭੁੱਚੋ ਮੰਡੀ ਖੇਤਾਂ ਵਿੱਚ ਲੱਗੀਆਂ ਮੋਟਰਾਂ ਦੀਆਂ ਕੇਬਲਾਂ ਅਤੇ ਤਾਂਬਾ ਚੋਰੀ ਕਰਕੇ ਅੱਗੇ ਵੇਚਦਾ ਹੈ, ਜਿਸ ਤੋਂ ਬਾਅਦ ਥਾਣਾ ਬਾਲਿਆਵਾਲੀ ਦੀ ਪੁਲਿਸ ਨੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਦੀ ਅਗਵਾਈ ਹੇਠ ਛਾਪੇਮਾਰੀ ਕਰਦਿਆਂ ਅੰਮ੍ਰਿਤ ਲਾਲ ਨੂੰ ਗ੍ਰਿਫਤਾਰ ਕਰ ਲਿਆ ਜਿਸ ਕੋਲੋਂ 15 ਕਿਲੋ ਕੇਬਲ ਤਾਰਾਂ ਬਰਾਮਦ ਹੋਈਆਂ ਹਨ। ਪੁਲਿਸ ਮੁਲਜਮ ਕੋਲੋਂ ਹੋਰ ਪੁੱਛਗਿੱਛ ਕਰ ਰਹੀ ਹੈ।