ਡੀਟੀਐੱਫ ਪੰਜਾਬ ਵੱਲੋਂ ਟੀਈਟੀ ਖ਼ਿਲਾਫ਼ ਸੰਘਰਸ਼ ਤੇਜ਼
ਡੀਟੀਐੱਫ ਪੰਜਾਬ ਵੱਲੋਂ ਟੀਈਟੀ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Tue, 31 Mar 2026 04:56 PM (IST)
Updated Date: Wed, 01 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸੁਪਰੀਮ ਕੋਰਟ ਦੇ ਅਧਿਆਪਕ ਵਿਰੋਧੀ ਫੈਸਲੇ ਅਤੇ ਵਿਭਾਗੀ ਟੀਈਟੀ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਹੈ। ਜਥੇਬੰਦੀ ਦੀ ਸੂਬਾ ਕਮੇਟੀ ਦੀ ਆਨਲਾਈਨ ਮੀਟਿੰਗ ਦੌਰਾਨ ਸਰਕਾਰ ਦੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ਸਬੰਧੀ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਕੀਤੇ ਵਾਅਦੇ, ਜਿਵੇਂ ਕਿ ਟੀਈਟੀ ਮਾਮਲੇ ‘ਤੇ ਰਿਵਿਊ ਪਟੀਸ਼ਨ ਦਾਇਰ ਕਰਨਾ ਤੇ ਵਿਧਾਨ ਸਭਾ ਵਿਚ ਬਿੱਲ ਪਾਸ ਕਰਨਾ ਆਦਿ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ 2017 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਅਤੇ ਟੀਈਟੀ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਬਾਰੇ ਦਿੱਤੇ ਹਲਫਨਾਮੇ ਨਾਲ ਸਰਕਾਰ ਦੀ ਨੀਅਤ ਸਪੱਸ਼ਟ ਹੋ ਗਈ ਹੈ। ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਅਧਿਆਪਕਾਂ ‘ਤੇ ਜ਼ਬਰੀ ਥੋਪੇ ਜਾ ਰਹੇ ਟੀਈਟੀ ਟੈਸਟ ਦੇ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਦੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਵਿੱਤ ਸਕੱਤਰ ਅਨਿਲ ਭੱਟ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜਗਦੀਪ ਸਿੰਘ ਮਾਨ ਨੇ ਦੱਸਿਆ ਕਿ 14 ਅਧਿਆਪਕ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ 6 ਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ‘ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ, ਜਿਸ ’ਚ ਡੀਟੀਐੱਫ ਪੰਜਾਬ ਸ਼ਮੂਲੀਅਤ ਕਰੇਗੀ। ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ ਸੂਬਾ ਪੱਧਰੀ ਪ੍ਰੋਗਰਾਮ ਵੀ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਟੀਈਟੀ ਕਾਰਨ ਕਿਸੇ ਅਧਿਆਪਕ ਦੀ ਨੌਕਰੀ ਜਾਂ ਤਰੱਕੀ ’ਤੇ ਕੋਈ ਖਤਰਾ ਆਇਆ, ਤਾਂ ਜਥੇਬੰਦੀ ਪੂਰੀ ਤਾਕਤ ਨਾਲ ਉਸਦਾ ਸਾਥ ਦੇਵੇਗੀ ਤੇ ਕਿਸੇ ਵੀ ਅਧਿਆਪਕ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।